ਜਲੰਧਰ (ਅਭਯ ਸ਼ਰਮਾ)- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਲੰਮਾ ਪਿੰਡ ਚੌਕ ਤੋਂ ਜੰਡੂ ਸਿੰਘਾ ਪਿੰਡ ਵਿਚਕਾਰ ਕਰੀਬ 5 ਕਿਲੋਮੀਟਰ ਲੰਬੀ ਸੜਕ ਦੀ ਹਾਲਤ ਦਾ ਜਾਇਜ਼ਾ ਲਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇੱਥੇ ਨਵੀਂ ਸੜਕ ਦਾ ਨਿਰਮਾਣ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਸੰਸਦ ਮੈਂਬਰ ਨੇ ਦੱਸਿਆ ਕਿ ਇੱਥੇ 27.14 ਕਰੋੜ ਰੁਪਏ ਦੀ ਲਾਗਤ ਨਾਲ 5.06 ਕਿਲੋਮੀਟਰ ਲੰਬੀ ਇਸ ਸੜਕ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਐਸਡੀਐਮ ਡਾ: ਜੈ ਇੰਦਰ ਸਿੰਘ, ਕਾਰਜਕਾਰੀ ਇੰਜਨੀਅਰ ਜਸਪਾਲ ਸਿੰਘ, ਗੁਰਮੀਤ ਸਿੰਘ ਅਤੇ ਜੰਗਲਾਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਜਾ ਕੇ ਜਾਇਜ਼ਾ ਲੈਂਦਿਆਂ ਸੰਸਦ ਮੈਂਬਰ ਨੇ ਦੱਸਿਆ ਕਿ ਇਸ ਸੜਕ ਰਾਹੀਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਨੂੰ ਜਾਂਦੇ ਹਨ। ਜਿਨ੍ਹਾਂ ਨੂੰ ਇਸ ਟੁੱਟੀ ਸੜਕ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸੜਕ ਦੀ ਉਸਾਰੀ ਜਲਦੀ ਤੋਂ ਜਲਦੀ ਸ਼ੁਰੂ ਕਰਵਾਈ ਜਾਵੇ ਤਾਂ ਜੋ ਹੁਸ਼ਿਆਰਪੁਰ ਵੱਲ ਜਾਣ ਵਾਲੇ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਾਂਸਦ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਦੌਰਾਨ ਸੜਕ ਦੀ ਗੁਣਵੱਤਾ ਨੂੰ ਲੈ ਕੇ ਪਹਿਲਾਂ ਹੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਸਪੱਸ਼ਟ ਕਿਹਾ ਗਿਆ ਹੈ ਕਿ ਇਸ ਸੜਕ ਦੀ ਗੁਣਵੱਤਾ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਸੜਕ ਨਿਰਮਾਣ ਦੇ ਚੱਲ ਰਹੇ ਕੰਮ ਦਾ ਨਿਯਮਤ ਤੌਰ ‘ਤੇ ਜਾਇਜ਼ਾ ਲੈਣ ਲਈ ਕਿਹਾ।
ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਆਦਮਪੁਰ, ਜੰਡੂ ਸਿੰਘਾ ਸਮੇਤ ਹੁਸ਼ਿਆਰਪੁਰ ਤੋਂ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਸਹੂਲਤ ਹੋਵੇਗੀ ਕਿਉਂਕਿ ਚੰਗੀ ਸੜਕ ਹੋਣ ਕਾਰਨ ਉਨ੍ਹਾਂ ਨੂੰ ਰਾਮਾਮੰਡੀ ਚੌਕ ਰਾਹੀਂ ਜਲੰਧਰ ਸ਼ਹਿਰ ਆਉਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਵਿਕਾਸ ਕਾਰਜ ਕਰ ਰਹੀ ਹੈ ਅਤੇ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰ ਨਾਲ ਜੋੜਨ ਲਈ ਸੜਕੀ ਵਿਵਸਥਾ ਨੂੰ ਪਹਿਲਾਂ ਨਾਲੋਂ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।