ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੰਤਨਾਗ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਸੂਬੇ ਨਾਲ ਸਬੰਧਤ ਭਾਰਤੀ ਫੌਜ ਦੇ ਇਕ ਹੋਰ ਜਵਾਨ ਦੀ ਸ਼ਹਾਦਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪ੍ਰਦੀਪ ਸਿੰਘ ਅਨੰਤਨਾਗ ਵਿੱਚ ਅੱਤਵਾਦੀ ਹਮਲੇ ਦੇ ਬਾਅਦ ਤੋਂ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸਮਾਣਾ ਨਾਲ ਸਬੰਧਤ ਪ੍ਰਦੀਪ ਸਿੰਘ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਇਆ।
ਸੀਐੱਮ. ਮਾਨ ਨੇ ਕਿਹਾ ਕਿ ਇਹ ਦੇਸ਼ ਲਈ, ਖਾਸ ਤੌਰ ‘ਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਸ਼ਹੀਦ ਪਰਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਪੰਜਾਬ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿਹਾ ਕਿ ਸ਼ਹੀਦ ਪ੍ਰਦੀਪ ਸਿੰਘ ਦਾ ਬਲਿਦਾਨ ਉਸ ਦੇ ਸਾਥੀ ਸੈਨਿਕਾਂ ਅਤੇ ਹੋਰ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ।