Skip to content
ਵੱਖ-ਵੱਖ ਸਿਆਸੀ, ਪ੍ਰਸ਼ਾਸਨਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ, ਝਾਕੀਆਂ ਰਹੀਆਂ ਖਿੱਚ ਦਾ ਕੇਂਦਰ
ਨਾਭਾ 21 ਨਵੰਬਰ (ਅਮਨ ਗਰਗ): ਸਥਾਨਕ ਸ਼ਹਿਰ ਵਿਖੇ ਸ੍ਰੀ ਖਾਟੂ ਸ਼ਾਮ ਜਨਮ ਉਤਸਵ ਨੂੰ ਲੈ ਕੇ ਸ੍ਰੀ ਸ਼ਾਮ ਸੰਘ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹਿਰ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ਾਮ ਭਗਤਾਂ ਦਾ ਭਾਰੀ ਇਕੱਠ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ।
ਸ਼ੋਭਾ ਯਾਤਰਾ ਦੌਰਾਨ ਸਜਾਈਆਂ ਗਈਆਂ ਵੱਖ-ਵੱਖ ਸੁੰਦਰ ਝਾਕੀਆਂ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਸਮਾਗਮ ਦੀ ਅਗਵਾਈ ਕਰ ਰਹੇ ਸ੍ਰੀ ਸ਼ਾਮ ਸੰਘ ਪਰਿਵਾਰ ਦੇ ਪ੍ਰਧਾਨ ਸਮਿਤ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹਰ ਸਾਲ ਬਾਬਾ ਜੀ ਦੇ ਜਨਮ ਉਤਸਵ ਮੌਕੇ ਇਹ ਉਪਰਾਲਾ ਕੀਤਾ ਜਾਂਦਾ ਹੈ ਅਤੇ ਇਸ ਵਾਰ ਵੀ ਸੰਗਤਾਂ ਵੱਲੋਂ ਭਰਵਾਂ ਸਹਿਯੋਗ ਮਿਲਿਆ ਹੈ।
ਇਸ ਧਾਰਮਿਕ ਸਮਾਗਮ ਵਿੱਚ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਐਸ.ਪੀ. ( ਪਟਿਆਲਾ) ਦਵਿੰਦਰ ਅੱਤਰੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸਿੰਘ ਸੋਹੀਆਂ ਵਾਲਾ, ਅਗਰਵਾਲ ਸਭਾ ਦੇ ਪ੍ਰਧਾਨ ਰਾਜੇਸ਼ ਬਾਂਸਲ ਬੱਬੂ, ਪੈਟਰੋਲੀਅਮ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਜੁਨੇਜਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਭਾਜਪਾ ਆਗੂ ਪਰਮਜੀਤ ਸਿੰਘ ਕੈਥ ਨੇ ਹਾਜ਼ਰੀ ਭਰੀ ਅਤੇ ਸਮੂਹ ਸ਼ਾਮ ਭਗਤਾਂ ਨੂੰ ਜਨਮ ਉਤਸਵ ਦੀ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਅੰਦਰ ਆਪਸੀ ਭਾਈਚਾਰੇ ਅਤੇ ਏਕਤਾ ਦੀ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।
Related