Skip to content
ਲਾਸ ਏਂਜਲਸ (ਅਮਿਤ ਨੱਖਵਾਲ): ਅਮਰੀਕਾ ਦੇ ਨੌਰਥ ਹਾਲੀਵੁੱਡ ਵਿੱਚ ਮੰਗਲਵਾਰ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਐਸ.ਯੂ.ਵੀ. ਫੁੱਟਪਾਥ ’ਤੇ ਜਾ ਰਹੇ ਲੋਕਾਂ ਅਤੇ ਮੈਟਰੋ ਸਟੇਸ਼ਨ ਨੇੜੇ ਲੱਗੇ ਖਾਣ-ਪੀਣ ਦੇ ਸਟਾਲ ਵਿੱਚ ਜਾ ਵੜੀ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਗੱਡੀ ਦਾ ਡਰਾਈਵਰ ਵੀ ਸ਼ਾਮਲ ਹੈ।
ਲਾਸ ਏਂਜਲਸ ਫਾਇਰ ਡਿਪਾਰਟਮੈਂਟ ਅਨੁਸਾਰ, ਹਾਦਸਾ ਮੰਗਲਵਾਰ ਸ਼ਾਮ ਕਰੀਬ 5:55 ਵਜੇ ਨੌਰਥ ਲੈਂਕਰਸ਼ਿਮ ਬੁਲੇਵਾਰਡ ਅਤੇ ਵੈਡਿੰਗਟਨ ਸਟਰੀਟ ਦੇ ਨੇੜੇ ਵਾਪਰਿਆ। ਚਿੱਟੇ ਰੰਗ ਦੀ ਐਸ.ਯੂ.ਵੀ. ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖਾਣ-ਪੀਣ ਦੇ ਸਟਾਲ ਵਿੱਚ ਜਾ ਵੜੀ, ਜਿਸ ਦੀ ਲਪੇਟ ਵਿੱਚ ਘੱਟੋ-ਘੱਟ ਛੇ ਪੈਦਲ ਯਾਤਰੀ ਆ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਐਮਰਜੈਂਸੀ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਤਿੰਨ ਵਿਅਕਤੀਆਂ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਲਾਸ ਏਂਜਲਸ ਪੁਲਿਸ ਵਿਭਾਗ ਦੇ ਕੈਪਟਨ ਵਾਰਨਰ ਕੈਸਟੀਲੋ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਹਾਲੇ ਇਹ ਸਪੱਸ਼ਟ ਨਹੀਂ ਹੋਇਆ ਕਿ ਇਹ ਹਾਦਸਾ ਜਾਣਬੁੱਝ ਕੇ ਕੀਤਾ ਗਿਆ ਸੀ ਜਾਂ ਕਿਸੇ ਅਣਜਾਣੇ ਕਾਰਨ ਵਾਪਰਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ ਉਸ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਨਸ਼ੇ ਦੀ ਹਾਲਤ ਵਿੱਚ ਤਾਂ ਗੱਡੀ ਨਹੀਂ ਚਲਾ ਰਿਹਾ ਸੀ।
ਲਾਸ ਏਂਜਲਸ ਦੀ ਮੇਅਰ ਕੈਰਨ ਬਾਸ ਨੇ ਵੀ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਸਟਰੀਟ ਵਿਕਰੇਤਾ ਅਤੇ ਪੈਦਲ ਯਾਤਰੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕਰਕੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ।
ਇਸ ਦੌਰਾਨ ਲਾਸ ਏਂਜਲਸ ਪੁਲਿਸ ਮੁਖੀ ਜਿਮ ਮੈਕਡੋਨਲ ਨੇ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ ਮਾਮਲੇ ਦੀ ਜਾਂਚ ਵਿੱਚ ਸਮਾਂ ਲੱਗ ਸਕਦਾ ਹੈ, ਪਰ ਹਰ ਪਹਿਲੂ ਨੂੰ ਧਿਆਨ ਵਿੱਚ ਰੱਖਦਿਆਂ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਰਿਪੋਰਟ : ਅਮਿਤ ਨੱਖਵਾਲ
Related