
Skip to content

ਪੰਚਕੂਲਾ ‘ਚ ਸਕੂਲ ਬੱਸ ਹਾਦਸਾ, 6 ਗੱਡੀਆਂ ਨੂੰ ਮਾਰੀ ਟੱਕਰ; 30 ਬੱਚੇ ਸੁਰੱਖਿਅਤ
ਪੰਚਕੂਲਾ (ਅਰਸ਼ਦੀਪ ਸਿੰਘ ਕਾਲੜਾ) :- ਪੰਚਕੂਲਾ ਦੇ ਸੈਕਟਰ-26 ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਚਿਤਕਾਰਾ ਸਕੂਲ ਦੀ ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਨੇ ਸੜਕ ਕਿਨਾਰੇ ਖੜ੍ਹੀਆਂ 6 ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵੇਲੇ ਬੱਸ ਵਿੱਚ ਕਰੀਬ 30 ਬੱਚੇ ਸਵਾਰ ਸਨ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਾਰੇ ਬੱਚੇ ਸੁਰੱਖਿਅਤ ਹਨ।
ਪ੍ਰਤੱਖਦਰਸ਼ੀਆਂ ਅਨੁਸਾਰ ਟੱਕਰ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ। ਘਰਾਂ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਨੁਕਸਾਨ ਤੋਂ ਨਾਰਾਜ਼ ਲੋਕਾਂ ਨੇ ਬੱਸ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਸੂਚਨਾ ਮਿਲਦੇ ਹੀ ਚੰਡੀਮੰਦਰ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਹਾਦਸੇ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਦੂਜੀ ਬੱਸ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਸਕੂਲ ਭੇਜ ਦਿੱਤਾ।
ਬੱਸ ਚਾਲਕ ਨੇ ਦੱਸਿਆ ਕਿ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਸੜਕ ਕਿਨਾਰੇ ਖੜ੍ਹੀਆਂ ਗੱਡੀਆਂ ਨਾਲ ਟੱਕਰ ਹੋ ਗਈ।
ਫਿਲਹਾਲ ਪੁਲਿਸ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀ ਹੈ।

Related