ਨਾਭਾ ਦੇ ਪਿੰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਪਰਮਜੀਤ ਸਿੰਘ ਕੈਂਥ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ

ਮੋਹਲਗਵਾਰਾ, ਘਣੀਵਾਲ ਅਤੇ ਦੰਦਰਾਲਾਂ ਢੀਂਡਸਾ ਵਿਖੇ ਮੀਟਿੰਗਾਂ ਦੌਰਾਨ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਨਾਭਾ (ਅਮਨ ਗਰਗ): ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੋਹਲਗਵਾਰਾ, ਘਣੀਵਾਲ ਅਤੇ ਦੰਦਰਾਲਾਂ ਢੀਂਡਸਾ ਵਿਖੇ ਲੋਕਾਂ ਨਾਲ ਮੀਟਿੰਗਾਂ ਕਰਦਿਆਂ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਡੇ-ਵੱਡੇ ਵਾਅਦੇ ਕੀਤੇ ਜਾਣ ਦੇ ਬਾਵਜੂਦ ਪਿੰਡਾਂ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਅਤੇ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰਨ ਵਾਸਤੇ ਮਜਬੂਰ ਹਨ।

ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਗਰੀਬ ਪਰਿਵਾਰਾਂ ਦੇ ਕੱਚੇ ਅਤੇ ਖਸਤਾ ਹਾਲਤ ਮਕਾਨਾਂ, ਪੀਣ ਵਾਲੇ ਸਾਫ਼ ਪਾਣੀ, ਗਲੀਆਂ-ਨਾਲੀਆਂ, ਸਫ਼ਾਈ, ਸਿਹਤ ਸਹੂਲਤਾਂ, ਰੁਜ਼ਗਾਰ, ਮਜ਼ਦੂਰਾਂ ਦੇ ਹੱਕਾਂ ਅਤੇ ਸ਼ਮਸ਼ਾਨ ਘਾਟਾਂ ਵਿੱਚ ਸ਼ੈੱਡਾਂ ਦੀ ਘਾਟ ਵਰਗੇ ਮਸਲਿਆਂ ਦਾ ਹੱਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਾਭਾ ਦੇ ਪਿੰਡਾਂ ਵਿੱਚ ਅਜੇ ਵੀ ਕਈ ਬੁਨਿਆਦੀ ਸਮੱਸਿਆਵਾਂ ਮੌਜੂਦ ਹਨ, ਜਿਨ੍ਹਾਂ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਸਰਕਾਰ ਨੂੰ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਪ੍ਰਚਾਰ ਦੀ ਬਜਾਏ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਗਰੀਬਾਂ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿੱਚ ਪੰਜਾਬ ਸਰਕਾਰ ਅਸਫਲ ਰਹੀ ਹੈ। ਸਿੱਖਿਆ, ਰਿਹਾਇਸ਼ ਅਤੇ ਹੋਰ ਭਲਾਈ ਸਕੀਮਾਂ ਦੇ ਲਾਗੂਕਰਨ ਵਿੱਚ ਕਮੀਆਂ ਕਾਰਨ ਗਰੀਬ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੈਂਥ ਨੇ ਮੰਗ ਕੀਤੀ ਕਿ ਸਰਕਾਰ ਕੇਂਦਰੀ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿੱਚ ਲਗਾਤਾਰ ਲਿਆਉਂਦੀ ਰਹੇਗੀ ਅਤੇ ਇਨ੍ਹਾਂ ਦੇ ਸਮਾਂਬੱਧ ਹੱਲ ਦੀ ਮੰਗ ਕਰੇਗੀ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ, “ਨਾ ਡਰੀਏ, ਨਾ ਝੁਕੀਏ, ਨਾ ਦੱਬੀਏ—ਇਹ ਸਾਡਾ ਸੰਕਲਪ ਹੈ। ਲੋਕਾਂ ਦੇ ਹੱਕਾਂ, ਸਨਮਾਨ ਅਤੇ ਸਮਾਜਿਕ ਬਰਾਬਰੀ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ।”

ਇਸ ਮੌਕੇ ਦੰਦਰਾਲਾਂ ਢੀਂਡਸਾ ਮੰਡਲ ਦੇ ਇੰਚਾਰਜ ਚਮਕੌਰ ਸਿੰਘ ਅਗੌਲ, ਮੇਜਰ ਸਿੰਘ ਰਣਜੀਤਗੜ੍ਹ, ਭਗਵੰਤ ਸਿੰਘ ਰਾਮਗੜ੍ਹੀਆ, ਜੋਰਾ ਸਿੰਘ ਕੌਲ, ਰਣਜੀਤ ਰਾਣਾ, ਮਨਦੀਪ ਸਿੰਘ ਦੰਦਰਾਲਾ, ਪਿਰਤਪਾਲ ਸਿੰਘ ਮੋਹਲਗਵਾਰਾ, ਗੁਰਜੰਟ ਸਿੰਘ ਬਿਰਧਨੋ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।