ਫਗਵਾੜਾ (ਪੰਕਜ, ਇੰਦਰਜੀਤ ਸ਼ਰਮਾ): ਯੁਵਾ ਵਿਕਾਸ ਮੋਰਚਾ ਵੱਲੋਂ ਫਗਵਾੜਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਇਸ ਮੌਕੇ ਯੁਵਾ ਵਿਕਾਸ ਮੋਰਚਾ ਪੰਜਾਬ ਦੇ ਪ੍ਰਧਾਨ ਅਨੂ ਸਹੋਤਾ ਨੇ ਕਿਹਾ ਕਿ ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੇ ਅਪਮਾਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਵਿੱਚ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੇ ਬਾਵਜੂਦ ਹਾਲੇ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ।

ਅਨੂ ਸਹੋਤਾ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦਾ ਅਪਮਾਨ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਯੁਵਾ ਵਿਕਾਸ ਮੋਰਚਾ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਫਗਵਾੜਾ ਹਲਕਾ ਇੰਚਾਰਜ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ। ਜਦੋਂ ਪ੍ਰਦਰਸ਼ਨਕਾਰੀ ਘਿਰਾਓ ਲਈ ਅੱਗੇ ਵਧੇ ਤਾਂ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।

ਇਸ ਤੋਂ ਬਾਅਦ ਧਰਨਾਕਾਰੀਆਂ ਨੇ ਸੜਕ ’ਤੇ ਬੈਠ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।