ਆਸ਼ੂ ਬੰਗੜ ਨੇ ਸਰਦਾਰ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ, ਫਿਰੋਜ਼ਪੁਰ ਦਿਹਾਤੀ ਦੇ ਮੁੱਦਿਆਂ ਅਤੇ ਚੋਣਾਂ ਸਬੰਧੀ ਹੋਈ ਚਰਚਾ

ਜਤਿੰਦਰ ਪਿੰਕਲ, ਫਿਰੋਜ਼ਪੁਰ

ਅੱਜ ਆਸ਼ੂ ਬੰਗੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਮੌਜੂਦਾ ਹਾਲਾਤ, ਲੋਕਾਂ ਦੀਆਂ ਸਮੱਸਿਆਵਾਂ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਲਕੇ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਚਰਚਾ ਕੀਤੀ ਗਈ।

ਮੁਲਾਕਾਤ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ, ਦੁਕਾਨਦਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਆਸ਼ੂ ਬੰਗੜ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਖਾਤਮੇ, ਮਿਆਰੀ ਸਿੱਖਿਆ, ਸੁਰੱਖਿਅਤ ਵਪਾਰਕ ਮਾਹੌਲ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਲੋਕ ਲੰਮੇ ਸਮੇਂ ਤੋਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਸਮੱਸਿਆਵਾਂ ਦਾ ਹੱਲ ਲੋਕਾਂ ਨਾਲ ਸਿੱਧਾ ਜੁੜ ਕੇ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ਹੀ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਦੀ ਆਵਾਜ਼ ਬਣਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ, ਖੁਸ਼ਹਾਲ ਤੇ ਬਿਹਤਰ ਭਵਿੱਖ ਪ੍ਰਦਾਨ ਕਰਨਾ ਹੈ। ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ।

ਆਸ਼ੂ ਬੰਗੜ ਨੇ ਕਿਹਾ ਕਿ ਉਹ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਲੋਕਾਂ ਦੀ ਸੇਵਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।