2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੇ ਉਤਸ਼ਾਹ ਨਾਲ ਮੈਦਾਨ ਵਿੱਚ ਉਤਰੇਗੀ ਕਾਂਗਰਸ—ਬਲਵਿੰਦਰ ਸਿੰਘ ਧਾਲੀਵਾਲ

ਫਗਵਾੜਾ, 12 ਅਕਤੂਬਰ (ਪੰਕਜ, ਇੰਦਰਜੀਤ) – ਜ਼ਿਲ੍ਹਾ ਕਪੂਰਥਲਾ ਕਾਂਗਰਸ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐੱਸ.) ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਜਥਾ ਸ. ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਅੱਜ ਸਵੇਰੇ ਫਗਵਾੜਾ ਤੋਂ ਕਾਂਗਰਸ ਭਵਨ, ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਜਥੇ ਵਿੱਚ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਸਮੇਤ ਪਾਰਟੀ ਦੇ ਵੱਖ-ਵੱਖ ਸੈੱਲਾਂ ਦੇ ਅਹੁਦੇਦਾਰਾਂ, ਵਰਕਰਾਂ, ਸਰਪੰਚਾਂ ਅਤੇ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਆਪਸੀ ਤਾਲਮੇਲ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸ. ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਅਤੇ ਵਰਕਰ ਨਵੇਂ ਜੋਸ਼ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਗੇ ਅਤੇ ਜਨਤਾ ਦੀ ਆਵਾਜ਼ ਬਣ ਕੇ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੇ ਉਤਸ਼ਾਹ ਅਤੇ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਪਾਰਟੀ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੁੜ ਪੰਜਾਬ ਦੀ ਸੱਤਾ ਵਿੱਚ ਵਾਪਸੀ ਕਰੇਗੀ।

ਇਸ ਦੌਰਾਨ ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਸ. ਪਰਗਟ ਸਿੰਘ ਦੀ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਵਰਗਾਂ ਦੇ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।

ਇਸੇ ਤਰ੍ਹਾਂ ਬਲਾਕ ਫਗਵਾੜਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਵਿੱਕੀ ਰਾਣੀਪੁਰ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਗਵਾੜਾ ਹਲਕੇ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ।

ਇਸ ਜਥੇ ਵਿੱਚ ਮਹਿਲਾ ਕਾਂਗਰਸ ਦੀ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਰਾਣੀ ਤੋਂ ਇਲਾਵਾ ਯੂਥ ਕਾਂਗਰਸ, ਐੱਸ.ਸੀ. ਸੈੱਲ, ਓ.ਬੀ.ਸੀ. ਸੈੱਲ ਦੇ ਆਗੂ ਅਤੇ ਵਰਕਰ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਪੰਚਾਂ, ਕੌਂਸਲਰਾਂ ਅਤੇ ਹੋਰ ਪਾਰਟੀ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ।