ਭਾਈ ਪਰਮਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵਿਧਾਇਕ ਦੇ ਦਫ਼ਤਰ ਮੂਹਰੇ ਤਿੰਨ ਘੰਟੇ ਧਰਨਾ

ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ੇ ਸਮੇਤ 9 ਮੰਗਾਂ ਰੱਖੀਆਂ, ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਜਤਿੰਦਰ ਪਿੰਕਲ, ਫਿਰੋਜ਼ਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ਹੀਦ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲਕਾਂਡ ਸਬੰਧੀ ਬਣੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਹੇਠ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰ ਦੇ ਸਾਹਮਣੇ ਤਿੰਨ ਘੰਟੇ ਦਾ ਧਰਨਾ ਦਿੱਤਾ ਗਿਆ। ਇਸ ਦੌਰਾਨ ਆਗੂਆਂ ਨੇ ਇਨਸਾਫ਼ ਦੀ ਮੰਗ ਕਰਦਿਆਂ ਵਿਧਾਇਕ ਦੇ ਨਾਂ ਲਾਹਨਤੀ ਪੱਤਰ ਦੇਣ ਲਈ ਰੋਸ ਪ੍ਰਦਰਸ਼ਨ ਕੀਤਾ।

ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 13 ਅਕਤੂਬਰ ਨੂੰ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਭਾਈ ਪਰਮਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਆਗੂਆਂ ਅਨੁਸਾਰ, ਉਹ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰ ਰਹੇ ਸਨ ਅਤੇ ਇਸ ਘਟਨਾ ਨੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ, ਪੁਲਿਸ ਅਤੇ ਸੱਤਾਧਾਰੀ ਨੁਮਾਇੰਦਿਆਂ ਵਿਚਕਾਰ ਗੱਠਜੋੜ ਹੋਣ ਕਾਰਨ ਪਿੰਡਾਂ ਅਤੇ ਗਲੀਆਂ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ। ਇਸ ਕਾਰਨ ਕਈ ਪਰਿਵਾਰ ਉੱਜੜ ਚੁੱਕੇ ਹਨ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਦੀ ਰਾਖੀ ਕਰਨ ਦੀ ਬਜਾਏ ਉਨ੍ਹਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਲਗਭਗ ਤਿੰਨ ਸਾਲ ਪਹਿਲਾਂ ਵੀ ਭਾਈ ਪਰਮਿੰਦਰ ਸਿੰਘ ਝੋਟਾ ਨੇ ਸਬੰਧਤ ਦੁਕਾਨਦਾਰਾਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਫੜਵਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਕਾਰਵਾਈ ਹੋਣ ਦੀ ਬਜਾਏ ਕਥਿਤ ਦੋਸ਼ੀ ਨੂੰ ਅਸਲਾ ਲਾਇਸੈਂਸ ਮਿਲ ਗਿਆ, ਜਦਕਿ ਭਾਈ ਪਰਮਿੰਦਰ ਸਿੰਘ ਨੂੰ ਝੂਠੇ ਕੇਸ ਵਿੱਚ ਤਿੰਨ ਮਹੀਨੇ ਜੇਲ੍ਹ ਕੱਟਣੀ ਪਈ।

ਆਗੂਆਂ ਨੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਸਵਾਲ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੀ ਆਵਾਜ਼ ਵਿਧਾਨ ਸਭਾ ਤੱਕ ਪਹੁੰਚਾਉਣ ਲਈ ਚੁਣਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਨੌਜਵਾਨ ਦੇ ਕਤਲ ਮਗਰੋਂ ਸਰਕਾਰ ਤੋਂ ਜਵਾਬਦੇਹੀ ਨਾ ਮੰਗਣ ਵਾਲੇ ਲੋਕ ਨੁਮਾਇੰਦਿਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਐਕਸ਼ਨ ਕਮੇਟੀ ਦੀਆਂ ਮੁੱਖ ਮੰਗਾਂ

  1. ਮੁੱਖ ਮੰਤਰੀ ਪੰਜਾਬ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।

  2. ਪੰਜਾਬ ਦੇ ਡੀਜੀਪੀ ਅਸਤੀਫ਼ਾ ਦੇਣ।

  3. ਪਰਿਵਾਰ ਦੀ ਸਹਿਮਤੀ ਨਾਲ ਭਾਈ ਪਰਮਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ।

  4. ਕਤਲ ਅਤੇ ਇਸ ਪਿੱਛੇ ਕਥਿਤ ਨਸ਼ਾ ਤਸਕਰਾਂ ਤੇ ਸਿਆਸੀ ਲੋਕਾਂ ਦੇ ਗੱਠਜੋੜ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।

  5. ਜਿਸ ਦੁਕਾਨ ’ਤੇ ਭਾਈ ਪਰਮਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰੀਆਂ ਗਈਆਂ, ਉੱਥੇ ਉਨ੍ਹਾਂ ਦਾ ਯਾਦਗਾਰੀ ਬੁੱਤ ਸਥਾਪਤ ਕੀਤਾ ਜਾਵੇ।

  6. ਮਾਨਸਾ ਦੇ ਦੋਵੇਂ ਐੱਸਐੱਚਓਜ਼, ਡੀਐੱਸਪੀ ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।

  7. ਖਿਆਲਾ ਕਲਾਂ ਵਿਖੇ ਭਾਈ ਪਰਮਿੰਦਰ ਸਿੰਘ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਇਆ ਜਾਵੇ।

  8. ਕਤਲ ਦੇ ਮੁਲਜ਼ਮਾਂ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਸਖ਼ਤ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣ।

  9. ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਉੱਚ ਪੱਧਰੀ ਸਿਹਤ ਸੰਸਥਾ ਵਿੱਚ ਸਰਕਾਰੀ ਖ਼ਰਚੇ ’ਤੇ ਕਰਵਾਇਆ ਜਾਵੇ ਅਤੇ ਹਰੇਕ ਜ਼ਖ਼ਮੀ ਨੂੰ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।

ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਲੋਕਾਂ ਵੱਲੋਂ ਚੁਣੇ ਗਏ ਵਿਧਾਇਕ ਲੋਕਾਂ ਦੇ ਨਾਲ ਖੜ੍ਹੇ ਹਨ ਜਾਂ ਨਸ਼ਿਆਂ ਦੇ ਕਾਰੋਬਾਰੀਆਂ ਦੇ ਨਾਲ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਐਕਸ਼ਨ ਕਮੇਟੀ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਕਿਸਾਨ ਆਗੂ ਸੁਰਜੀਤ ਸਿੰਘ, ਨਰਿੰਦਰ ਪਾਲ ਸਿੰਘ ਜੁਤਾਲਾ, ਬਚਿੱਤਰ ਸਿੰਘ, ਕੇਵਲ ਸਿੰਘ, ਸਲਵਿੰਦਰ ਸਿੰਘ, ਅਜਮੇਰ ਸਿੰਘ, ਅਵਤਾਰ ਸਿੰਘ ਸਾਬੂਆਣਾ, ਮੰਗਲ ਸਿੰਘ ਸਵਾਈਕੇ, ਗੁਰਬਖਸ਼ ਸਿੰਘ, ਮੱਸਾ ਸਿੰਘ, ਗੁਰਮੁਖ ਸਿੰਘ, ਸੁਖਦੇਵ ਸਿੰਘ, ਮੱਖਣ ਸਿੰਘ, ਰਜਿੰਦਰ ਸਿੰਘ ਫੁੱਲਰਵਨ ਅਤੇ ਡਾਕਟਰ ਵਰਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।