ਪਟਿਆਲਾ ‘ਚ ਦਰਦਨਾਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਸੱਸ ਦੀ ਮੌਤ

ਪਟਿਆਲਾ (ਅਰਸ਼ਦੀਪ ਸਿੰਘ ਕਾਲੜਾ): ਪਟਿਆਲਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਪਿੰਡ ਸੁਨਿਆਰਹੇੜੀ ਨੇੜੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਸੋਨੀ ਅਤੇ ਉਸ ਦੀ ਮਾਤਾ ਕਰਨੈਲ ਕੌਰ ਵਜੋਂ ਹੋਈ ਹੈ। ਇਸ ਸਬੰਧੀ ਬਬਲੇਸ਼ ਕੌਰ ਪਤਨੀ ਸੋਨੀ, ਵਾਸੀ ਪਿੰਡ ਕਾਲਵਾ, ਥਾਣਾ ਅਨਾਜ ਮੰਡੀ ਪਟਿਆਲਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਾਰ ਚਾਲਕ ਗੁਰਵਿੰਦਰ ਸਿੰਘ ਪੁੱਤਰ ਅਜੈਬ ਸਿੰਘ, ਵਾਸੀ ਪਿੰਡ ਹਸਨਪੁਰ ਪਰੋਹਤਾਂ, ਥਾਣਾ ਅਨਾਜ ਮੰਡੀ ਪਟਿਆਲਾ ਖ਼ਿਲਾਫ਼ ਧਾਰਾ 281 ਅਤੇ 106(1) ਬੀ.ਐਨ.ਐਸ. ਤਹਿਤ ਮਾਮਲਾ ਦਰਜ ਕਰ ਲਿਆ ਹੈ।

ਸ਼ਿਕਾਇਤਕਰਤਾ ਬਬਲੇਸ਼ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਸੋਨੀ ਅਤੇ ਸੱਸ ਕਰਨੈਲ ਕੌਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਸੁਨਿਆਰਹੇੜੀ ਵੱਲ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਦੋਸ਼ੀ ਕਾਰ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।