ਖੂਨ-ਪਸੀਨੇ ਦੀ ਕਮਾਈ ਵਾਪਸ ਲੈਣ ਲਈ ਵੱਡੀ ਗਿਣਤੀ ’ਚ ਸ਼ਮੂਲੀਅਤ ਦੀ ਅਪੀਲ

ਫਗਵਾੜਾ, 24 ਸਤੰਬਰ (ਪੰਕਜ) : ਪਰਲ ਕੰਪਨੀ ਵਿੱਚ ਆਪਣੀ ਜ਼ਿੰਦਗੀ ਭਰ ਦੀ ਕਮਾਈ ਨਿਵੇਸ਼ ਕਰਕੇ ਪੈਸਾ ਗੁਆ ਚੁੱਕੇ ਨਿਵੇਸ਼ਕਾਂ ਦੇ ਮਸਲੇ ਨੂੰ ਲੈ ਕੇ ‘ਇਨਸਾਫ਼ ਦੀ ਆਵਾਜ਼’ ਜਥੇਬੰਦੀ ਵੱਲੋਂ 27 ਸਤੰਬਰ ਨੂੰ ਲੁਧਿਆਣਾ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਡਾ. ਪਰਮਜੀਤ ਸਿੰਘ ਦੁੱਗਾਂ ਨੇ ਕਿਹਾ ਕਿ ਪਰਲ ਪੀੜਤ ਨਿਵੇਸ਼ਕਾਂ ਨੂੰ ਉਨ੍ਹਾਂ ਦੀ ਪੂਰੀ ਰਕਮ ਵਾਪਸ ਮਿਲਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਲੋਢਾ ਕਮੇਟੀ ਵੱਲੋਂ ਨਿਵੇਸ਼ਕਾਂ ਦੇ ਖਾਤਿਆਂ ਵਿੱਚ ਆਨਲਾਈਨ ਭੁਗਤਾਨ ਕੀਤਾ ਜਾ ਰਿਹਾ ਹੈ, ਪਰ ਬਿਨਾਂ ਵਿਆਜ ਰਕਮ ਵਾਪਸ ਕੀਤੇ ਜਾਣ ਕਾਰਨ ਨਿਵੇਸ਼ਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੀ ਜ਼ਿੰਦਗੀ ਭਰ ਦੀ ਕਮਾਈ ਪਰਲ ਕੰਪਨੀ ਵਿੱਚ ਲਗਾਈ ਸੀ, ਉਨ੍ਹਾਂ ਨੂੰ ਆਪਣੀ ਪੂਰੀ ਰਕਮ ਵਾਪਸ ਮਿਲਣਾ ਉਨ੍ਹਾਂ ਦਾ ਹੱਕ ਹੈ।
ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਹਰ ਨਿਵੇਸ਼ਕ ਨੂੰ ਉਸਦੀ ਰਕਮ ਵਾਪਸ ਨਹੀਂ ਮਿਲਦੀ, ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਕੇਂਦਰ ਸਰਕਾਰ ’ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ, ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਰਲ ਪੀੜਤਾਂ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਪੀੜਤ ਨਿਵੇਸ਼ਕਾਂ ਦਾ ਪੈਸਾ ਜਲਦ ਵਾਪਸ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰਾਂ ਦੇ ਵਿਰੁੱਧ ਡਟ ਕੇ ਆਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ 27 ਸਤੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਰੋਸ ਰੈਲੀ ਰਾਹੀਂ ਪਰਲ ਪੀੜਤਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਅਤੇ ਸਰਕਾਰ ਤੋਂ ਨਿਵੇਸ਼ਕਾਂ ਦੀ ਪੂਰੀ ਰਕਮ ਵਾਪਸ ਕਰਨ ਦੀ ਮੰਗ ਕੀਤੀ ਜਾਵੇਗੀ।
ਉਨ੍ਹਾਂ ਨਿਵੇਸ਼ਕਾਂ ਨੂੰ ਜਥੇਬੰਦੀ ਨਾਲ ਵੱਧ ਤੋਂ ਵੱਧ ਗਿਣਤੀ ਵਿੱਚ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਆਨਲਾਈਨ ਮੈਂਬਰ ਬਣ ਕੇ ਵੀ ਜਥੇਬੰਦੀ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਨਿਵੇਸ਼ਕਾਂ ਨੂੰ ਪੋਰਟਲ ਰਾਹੀਂ ਮੈਂਬਰਸ਼ਿਪ ਲੈਣ ਅਤੇ ਆਪਣੀਆਂ ਪਾਲਿਸੀਆਂ ਅਪਲੋਡ ਕਰਨ ਦੀ ਅਪੀਲ ਕੀਤੀ ਗਈ। ਡਾ. ਪਰਮਜੀਤ ਸਿੰਘ ਨੇ ਸਮੂਹ ਪਰਲ ਪੀੜਤ ਨਿਵੇਸ਼ਕਾਂ ਨੂੰ 27 ਸਤੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ।

