ਫਗਵਾੜਾ (ਪੰਕਜ, ਮਨੀਸ਼ ਸ਼ਰਮਾ): ਡਾਇਰੈਕਟਰ ਆਯੁਰਵੈਦਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਮਿੰਦਰਜੀਤ ਕੌਰ ਦੀ ਨਿਗਰਾਨੀ ਹੇਠ ਸਥਾਨਕ ਸ਼੍ਰੀ ਹਨੁਮਾਨਗੜ੍ਹੀ ਦੇ ਨੇੜੇ ਸਰਵਿਸ ਲੇਨ, ਜੀ.ਟੀ. ਰੋਡ ਫਗਵਾੜਾ ਵਿਖੇ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਮਿੰਦਰਜੀਤ ਕੌਰ ਵੱਲੋਂ ਕੀਤਾ ਗਿਆ।

ਕੈਂਪ ਦੌਰਾਨ ਸਿਹਤ ਕੇਂਦਰ ਅਤੇ ਸਿਵਲ ਹਸਪਤਾਲ ਫਗਵਾੜਾ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਕੁੱਲ 636 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 327 ਮਰੀਜ਼ਾਂ ਦੀ ਆਯੁਰਵੈਦਿਕ ਮਾਹਿਰਾਂ ਅਤੇ 309 ਮਰੀਜ਼ਾਂ ਦੀ ਹੋਮਿਓਪੈਥਿਕ ਮੈਡੀਕਲ ਟੀਮ ਵੱਲੋਂ ਜਾਂਚ ਕੀਤੀ ਗਈ। ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।

ਕੈਂਪ ਦੌਰਾਨ ਬੁਖਾਰ, ਖਾਂਸੀ, ਪੇਟ ਦੀਆਂ ਬਿਮਾਰੀਆਂ, ਮਹਿਲਾ ਰੋਗ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਸਮੇਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਆਯੁਰਵੈਦਿਕ ਅਤੇ ਹੋਮਿਓਪੈਥਿਕ ਇਲਾਜ ਪ੍ਰਣਾਲੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਡਾ. ਪਰਮਿੰਦਰਜੀਤ ਕੌਰ ਨੇ ਕਿਹਾ ਕਿ ਆਯੁਰਵੈਦਿਕ ਅਤੇ ਹੋਮਿਓਪੈਥਿਕ ਇਲਾਜ ਪ੍ਰਣਾਲੀਆਂ ਸਿਹਤ ਸੰਭਾਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਅਨੁਸਾਰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ।

ਕੈਂਪ ਵਿੱਚ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਰਾਜੀਵ ਕੁਮਾਰ, ਡਾ. ਸੁਨੀਤਾ, ਡਾ. ਗੁਰਦੀਪ ਸਿੰਘ, ਉਪ ਵੈਦ ਪਵਨਦੀਪ, ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਰਮਿੰਦਰ ਸਿੰਗਲਾ, ਡਾ. ਅੰਕੁਸ਼ ਅਗਰਵਾਲ, ਵਰਿੰਦਰ ਕੁਮਾਰ (ਡਿਸਪੈਂਸਰ), ਸਹਾਇਕ ਅਨਿਲ ਕੁਮਾਰ ਸਮੇਤ ਹੋਰ ਸਟਾਫ਼ ਹਾਜ਼ਰ ਸੀ।