ਨਹਿਰੂ ਦੀ 137ਵੀਂ ਜਯੰਤੀ ਮੌਕੇ ਕਾਂਗਰਸੀ ਆਗੂਆਂ ਨੇ ਸ਼ਾਂਤੀ ਵਨ ਵਿਖੇ ਕੀਤੇ ਸ਼ਰਧਾ ਦੇ ਫੁੱਲ ਭੇਟ, ਬੱਚਿਆਂ ਦੇ ਪਿਆਰੇ ਚਾਚਾ ਨਹਿਰੂ ਨੂੰ ਕੀਤਾ ਯਾਦ
ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਅੱਜ 14 ਨਵੰਬਰ ਨੂੰ ਦੇਸ਼ ਭਰ ਵਿੱਚ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ 137ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਰਾਹੀਂ ਪੰਡਿਤ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਉੱਥੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਜ਼ਾਦੀ ਸੰਗਰਾਮ ਅਤੇ ਆਜ਼ਾਦ ਭਾਰਤ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਇਸ ਮੌਕੇ ਕਾਂਗਰਸ ਦੇ ਕਈ ਵੱਡੇ ਆਗੂ ਵੀ ਪੰਡਿਤ ਨਹਿਰੂ ਦੇ ਸਮਾਰਕ ‘ਸ਼ਾਂਤੀ ਵਨ’ ਵਿਖੇ ਪਹੁੰਚੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਕਈ ਆਗੂਆਂ ਨੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਇਲਾਵਾ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਸੋਸ਼ਲ ਮੀਡੀਆ ਰਾਹੀਂ ਪੰਡਿਤ ਨਹਿਰੂ ਨੂੰ ਯਾਦ ਕੀਤਾ।
ਜ਼ਿਕਰਯੋਗ ਹੈ ਕਿ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦੇ ਵਿਸ਼ੇਸ਼ ਪਿਆਰ ਅਤੇ ਲਗਾਅ ਕਾਰਨ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਿਹਾ ਜਾਂਦਾ ਸੀ। ਇਸੇ ਕਾਰਨ ਉਨ੍ਹਾਂ ਦੇ ਜਨਮ ਦਿਨ ਨੂੰ ਭਾਰਤ ਵਿੱਚ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਪੰਡਿਤ ਨਹਿਰੂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਈ। ਦੇਸ਼ ਆਜ਼ਾਦ ਹੋਣ ਤੋਂ ਬਾਅਦ 15 ਅਗਸਤ 1947 ਨੂੰ ਉਨ੍ਹਾਂ ਨੇ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ। 27 ਮਈ 1964 ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਬਾਲ ਦਿਵਸ ਮੌਕੇ ਦੇਸ਼ ਭਰ ਦੇ ਸਕੂਲਾਂ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਅਤੇ ਉੱਜਵਲ ਭਵਿੱਖ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।
Related