ਜਲੰਧਰ ਦੌਰੇ ਤੋਂ ਪਹਿਲਾਂ ਭਾਜਪਾ ਦੀਆਂ ਤਿਆਰੀਆਂ ਤੇਜ਼, ਕੇਵਲ ਸਿੰਘ ਢਿੱਲੋਂ ਨੇ ਰੈਲੀ ਸਥਲ ਤੇ ਰੇਲਵੇ ਸਟੇਸ਼ਨ ਦਾ ਲਿਆ ਜਾਇਜ਼ਾ
ਜਲੰਧਰ (ਨਵੀਨ ਪੁਰੀ) :- 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਪੰਜਾਬ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਜਲੰਧਰ ਕੈਂਟ ਦੇ ਨਵੇਂ ਬਣੇ ਰੇਲਵੇ ਸਟੇਸ਼ਨ ਅਤੇ ਰੈਲੀ ਸਥਾਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪੁਲਿਸ, ਪ੍ਰਸ਼ਾਸਨ ਅਤੇ ਰੇਲਵੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਲਈ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਾਰ ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਂਦੇ ਹਨ ਤਾਂ ਉਹ ਸੂਬੇ ਲਈ ਕੋਈ ਨਾ ਕੋਈ ਵੱਡਾ ਤੋਹਫ਼ਾ ਲੈ ਕੇ ਆਉਂਦੇ ਹਨ ਅਤੇ ਇਸ ਵਾਰ ਵੀ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜਲੰਧਰ, ਮੋਹਾਲੀ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਚਾਰ ਪ੍ਰਮੁੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਅਤੇ ਆਧੁਨਿਕੀਕਰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਸਟੇਸ਼ਨਾਂ ‘ਤੇ ਆਧੁਨਿਕ ਵੇਟਿੰਗ ਹਾਲ, ਮੁਫ਼ਤ ਵਾਈ-ਫਾਈ, ਬਿਹਤਰ ਪਲੇਟਫਾਰਮ, ਫੂਡ ਕੋਰਟ ਅਤੇ ਬਜ਼ੁਰਗਾਂ ਤੇ ਬੱਚਿਆਂ ਦੀ ਸਹੂਲਤ ਲਈ ਐਸਕੇਲੇਟਰ ਵਰਗੀਆਂ ਵਿਸ਼ਵ ਪੱਧਰੀ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਜਲੰਧਰ ਤੋਂ ‘ਸੰਤ ਰਵਿਦਾਸ ਜੀ ਐਕਸਪ੍ਰੈਸ’ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਰੇਲਵੇ ਪ੍ਰੋਜੈਕਟਾਂ ਤੋਂ ਇਲਾਵਾ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੇਂ ਹਾਈਵੇ ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਸਿਹਤ ਖੇਤਰ ਵਿੱਚ ਪੀਜੀਆਈ ਚੰਡੀਗੜ੍ਹ ਦੇ ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਹੋਵੇਗਾ, ਜਦਕਿ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ ਮਲਟੀਪਰਪਜ਼ ਆਡੀਟੋਰੀਅਮ ਵੀ ਲੋਕ ਅਰਪਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟੀਚਾ ਭਾਰਤ ਨੂੰ ਦੁਨੀਆ ਦਾ ਸਰਵੋਤਮ ਦੇਸ਼ ਬਣਾਉਣਾ ਹੈ ਅਤੇ ਪੰਜਾਬ ਦੀ ਤਰੱਕੀ ਇਸ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨਾਲ ਪੰਜਾਬ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ।
ਅੰਤ ਵਿੱਚ ਕੇਵਲ ਸਿੰਘ ਢਿੱਲੋਂ ਨੇ ਵਿਸ਼ਵਾਸ ਜਤਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਜਨਤਾ ਭਾਜਪਾ ਦੀ ਵਿਕਾਸ ਨੀਤੀ ਨੂੰ ਸਮਰਥਨ ਦੇਵੇਗੀ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।


