ਤਿਉਹਾਰਾਂ ਦੇ ਮੱਦੇਨਜ਼ਰ ਨਾਭਾ ਪੁਲਿਸ ਅਲਰਟ, ਸੁਰੱਖਿਆ ਪ੍ਰਬੰਧ ਸਖ਼ਤ

ਐੱਸ.ਐੱਚ.ਓ. ਗੁਰਪਿੰਦਰ ਸਿੰਘ ਨੇ ਖੁਦ ਸੰਭਾਲੀ ਕਮਾਨ, ਸ਼ਹਿਰ ਦੇ ਬਾਜ਼ਾਰਾਂ ਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਧਾਈ ਚੌਕਸੀ

ਨਾਭਾ (ਅਮਨ ਗਰਗ): ਦੀਵਾਲੀ ਅਤੇ ਹੋਰ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਤਵਾਲੀ ਥਾਣਾ ਨਾਭਾ ਦੀ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਦਿਆਂ ਮੁੱਖ ਬਾਜ਼ਾਰਾਂ, ਭੀੜ-ਭੜੱਕੇ ਵਾਲੇ ਇਲਾਕਿਆਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਦੀ ਚੌਕਸੀ ਵਧਾ ਦਿੱਤੀ ਗਈ ਹੈ। ਇਸ ਦੌਰਾਨ ਥਾਣਾ ਕੋਤਵਾਲੀ ਨਾਭਾ ਦੇ ਐੱਸ.ਐੱਚ.ਓ. ਗੁਰਪਿੰਦਰ ਸਿੰਘ ਨੇ ਖੁਦ ਸੁਰੱਖਿਆ ਪ੍ਰਬੰਧਾਂ ਦੀ ਕਮਾਨ ਸੰਭਾਲੀ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਲੋਕਾਂ ਦੀ ਆਮਦ ਵਧ ਜਾਂਦੀ ਹੈ, ਜਿਸ ਨੂੰ ਦੇਖਦਿਆਂ ਸ਼ਹਿਰ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੁਲਿਸ ਟੁਕੜੀਆਂ ਅਤੇ ਪੀ.ਸੀ.ਆਰ. ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਵਾਹਨਾਂ ਦੀ ਚੈਕਿੰਗ ਵਧਾ ਦਿੱਤੀ ਗਈ ਹੈ ਅਤੇ ਰਾਤ ਸਮੇਂ ਪੁਲਿਸ ਗਸ਼ਤ ਵੀ ਤੇਜ਼ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਤਿਉਹਾਰਾਂ ਦੌਰਾਨ ਸ਼ਹਿਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਬਣਾਈ ਰੱਖਣਾ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਪਣੇ ਤਿਉਹਾਰ ਖੁਸ਼ੀ ਨਾਲ ਮਨਾ ਸਕਣ। ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਉਂਦੀ ਹੈ, ਤਾਂ ਤੁਰੰਤ ਇਸ ਦੀ ਸੂਚਨਾ ਕੋਤਵਾਲੀ ਪੁਲਿਸ ਨੂੰ ਦਿੱਤੀ ਜਾਵੇ।

ਐੱਸ.ਐੱਚ.ਓ. ਗੁਰਪਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੇ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਨਾ ਕਰਨ ਦੀ ਹਦਾਇਤ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।