ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਐਕਸ਼ਨ ਮੋਡ ‘ਚ, ਚਾਰਜ ਸੰਭਾਲਦਿਆਂ ਹੀ ਨਸ਼ੇ ਤੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਵੱਡਾ ਐਲਾਨ

ਜਲੰਧਰ (ਅਰਸ਼ਦੀਪ ਸਿੰਘ ਕਾਲੜਾ)  :- ਸ਼ਹਿਰ ਦੇ ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਨੀਵਾਰ ਨੂੰ ਅਹੁਦਾ ਸੰਭਾਲਦੇ ਹੀ ਆਪਣੇ ਇਰਾਦੇ ਸਾਫ਼ ਕਰ ਦਿੱਤੇ। ਦਫ਼ਤਰ ਪਹੁੰਚਣ ‘ਤੇ ਉਨ੍ਹਾਂ ਨੇ ਗਾਰਡ ਆਫ਼ ਆਨਰ ਦੀ ਸਲਾਮੀ ਲਈ ਅਤੇ ਇਸ ਤੋਂ ਬਾਅਦ ਵੱਖ-ਵੱਖ ਵਿੰਗਾਂ ਅਤੇ ਬ੍ਰਾਂਚਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।

ਸਾਬਕਾ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਤਬਾਦਲੇ ਤੋਂ ਬਾਅਦ ਜਲੰਧਰ ਦੀ ਕਮਾਨ ਸੰਭਾਲਣ ਵਾਲੇ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਨਸ਼ੇ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੁਲਿਸ ਸਖ਼ਤ ਕਾਰਵਾਈ ਕਰੇਗੀ।

ਸਾਲ 1990 ਵਿੱਚ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਸੇਵਾ ਸ਼ੁਰੂ ਕਰਨ ਵਾਲੇ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨਾਲ ਤਾਲਮੇਲ ਬਣਾ ਕੇ ਅਪਰਾਧ ‘ਤੇ ਨੱਥ ਪਾਈ ਜਾਵੇਗੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਵਿਚਕਾਰ ਭਰੋਸੇ ਦਾ ਰਿਸ਼ਤਾ ਹੋਰ ਮਜ਼ਬੂਤ ਕੀਤਾ ਜਾਵੇਗਾ।

ਨਵੇਂ ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਲਗਾਤਾਰ ਡਿਊਟੀ ਨਿਭਾ ਰਹੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਲਾਈ ਲਈ ਨਵੇਂ ਕਦਮ ਚੁੱਕੇ ਜਾਣਗੇ, ਤਾਂ ਜੋ ਫੋਰਸ ਦਾ ਮਨੋਬਲ ਹੋਰ ਉੱਚਾ ਰਹੇ ਅਤੇ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਮਿਲ ਸਕਣ।

ਚਾਰਜ ਸੰਭਾਲਣ ਦੇ ਪਹਿਲੇ ਹੀ ਦਿਨ ਸਤਿੰਦਰ ਸਿੰਘ ਦੇ ਸਖ਼ਤ ਤੇ ਸਪੱਸ਼ਟ ਸੰਦੇਸ਼ ਨੇ ਇਹ ਇਸ਼ਾਰਾ ਦੇ ਦਿੱਤਾ ਹੈ ਕਿ ਜਲੰਧਰ ਪੁਲਿਸ ਹੁਣ ਨਸ਼ਾ ਤਸਕਰਾਂ, ਨਾਜਾਇਜ਼ ਸ਼ਰਾਬ ਮਾਫੀਆ ਅਤੇ ਅਪਰਾਧੀਆਂ ਖ਼ਿਲਾਫ਼ ਹੋਰ ਤੇਜ਼ੀ ਨਾਲ ਕਾਰਵਾਈ ਕਰਦੀ ਨਜ਼ਰ ਆ ਸਕਦੀ ਹੈ।