
Skip to content

ਮਨੀਸ਼ ਸ਼ਰਮਾ /ਫਗਵਾੜਾ: ਸ਼ਹਿਰ ਵਿੱਚ ਚੋਰੀ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ’ਤੇ ਕਾਬੂ ਪਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਫਗਵਾੜਾ ਪੁਲਿਸ ਵੱਲੋਂ ਦੇਰ ਰਾਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਸ਼ੱਕੀ ਇਲਾਕਿਆਂ ਵਿੱਚ ਚੈਕਿੰਗ ਕਰਦਿਆਂ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ।
ਐਸ.ਪੀ. ਮੇਜਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਬੱਸ ਸਟੈਂਡ ਦੇ ਨੇੜੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ। ਪੁਲਿਸ ਦੀ ਇਸ ਕਾਰਵਾਈ ਦੌਰਾਨ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਨਜ਼ਰ ਆਏ।
ਇਸ ਮੌਕੇ ਐਸ.ਪੀ. ਮੇਜਰ ਸਿੰਘ ਨੇ ਕਿਹਾ ਕਿ ਫਗਵਾੜਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵੱਲੋਂ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪੁਲਿਸ ਦੀ ਮੌਜੂਦਗੀ ਵਧਾ ਕੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਫਗਵਾੜਾ ਸ਼ਹਿਰ ਵਿੱਚ ਵੱਧ ਰਹੀ ਟਰੈਫਿਕ ਸਮੱਸਿਆ ਬਾਰੇ ਐਸ.ਪੀ. ਮੇਜਰ ਸਿੰਘ ਨੇ ਕਿਹਾ ਕਿ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਜਲਦ ਢੁਕਵੇਂ ਕਦਮ ਚੁੱਕੇ ਜਾਣਗੇ।
Related