2027 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਹਲਚਲ, ਰੰਧਾਵਾ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ; ਚੰਨੀ ਨੇ ਬੁਲਾਈ ਐਮਰਜੈਂਸੀ ਮੀਟਿੰਗ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੀ ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਚੁੱਪ-ਚਾਪ ਦਿੱਲੀ ਪਹੁੰਚੇ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਹਾਲਾਂਕਿ ਰੰਧਾਵਾ ਨੇ ਇਸ ਮਾਮਲੇ ‘ਤੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਦੂਜੇ ਪਾਸੇ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਨੂੰ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀਆਂ ਸਿਆਸੀ ਗਤੀਵਿਧੀਆਂ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਚੰਨੀ ਦੇ ਸੱਦੇ ‘ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਡਿਪਟੀ ਮੁੱਖ ਮੰਤਰੀ ਓ.ਪੀ. ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਸਿੰਘ ਲੱਖਾ, ਤਰਸੇਮ ਡੀ.ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ ਸਮੇਤ ਕਈ ਸੀਨੀਅਰ ਆਗੂ ਚੰਨੀ ਦੀ ਰਿਹਾਇਸ਼ ‘ਤੇ ਪਹੁੰਚੇ। ਆਗੂਆਂ ਦੀ ਆਮਦ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ।

ਸੂਤਰਾਂ ਅਨੁਸਾਰ ਚੰਨੀ ਆਪਣੇ ਸਮਰਥਕ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੋਈ ਅਹਿਮ ਸਿਆਸੀ ਫੈਸਲਾ ਲੈ ਸਕਦੇ ਹਨ। ਇਸ ਦੌਰਾਨ ਮੀਟਿੰਗ ਵਿੱਚ ਸ਼ਾਮਲ ਸਾਬਕਾ ਵਿਧਾਇਕ ਦਰਸ਼ਨ ਬਰਾੜ ਨੇ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਣਾਇਆ ਜਾਂਦਾ ਤਾਂ ਕਾਂਗਰਸ ਲਈ ਸੂਬੇ ਵਿੱਚ ਸਰਕਾਰ ਬਣਾਉਣਾ ਮੁਸ਼ਕਲ ਹੋਵੇਗਾ।

ਰੰਧਾਵਾ ਦੀ ਦਿੱਲੀ ਫੇਰੀ ਅਤੇ ਚੰਨੀ ਵੱਲੋਂ ਬੁਲਾਈ ਗਈ ਐਮਰਜੈਂਸੀ ਮੀਟਿੰਗ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਸਭ ਦੀ ਨਜ਼ਰ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੇ ਅਗਲੇ ਕਦਮਾਂ ‘ਤੇ ਟਿਕੀ ਹੋਈ ਹੈ।