
Skip to content

ਅੰਮ੍ਰਿਤਸਰ, (ਅਮਿਤ ਨਖਵਾਲ): ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਦੌਰਾਨ ਰੋਸ ਪ੍ਰਦਰਸ਼ਨ ਦੇ ਦਿੱਤੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕੀਤਾ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਸ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਜੋ ਦੇਸ਼ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਲਈ ਨੁਕਸਾਨਦੇਹ ਸਾਬਤ ਹੋਵੇਗਾ।
ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਦੀ ਜਲੰਧਰ ਫੇਰੀ ਤੋਂ ਪਹਿਲਾਂ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਜਾਣਦਾ, ਜੋ ਪਿਛਲੇ ਕਈ ਦਿਨਾਂ ਤੋਂ ਬਿਮਾਰ ਹਨ, ਨੂੰ ਪੁਲਿਸ ਨੇ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਕੋਈ ਵਿਘਨ ਪਾਉਣ ਦਾ ਇਰਾਦਾ ਨਹੀਂ ਸੀ, ਸਗੋਂ ਉਹ ਸਿਰਫ਼ ਸ਼ਾਂਤਮਈ ਢੰਗ ਨਾਲ ਪੁਤਲੇ ਫੂਕ ਕੇ ਆਪਣਾ ਰੋਸ ਪ੍ਰਗਟ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਿਮਾਰ ਕਿਸਾਨ ਆਗੂ ਬਲਦੇਵ ਸਿੰਘ ਜਾਣਦਾ ਦੀ ਨਜ਼ਰਬੰਦੀ ਤੁਰੰਤ ਖਤਮ ਕੀਤੀ ਜਾਵੇ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ।
ਰਿਪੋਰਟਰ: ਅਮਿਤ ਨਖਵਾਲ

Related