ਚੰਡੀਗੜ੍ਹ (ਅਮਿਤ ਨਖਵਾਲ): ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਾਨੇ ਫੀਸ ਵਾਧੇ ‘ਤੇ ਰੋਕ ਲਗਾਉਣ ਲਈ ਵੱਡਾ ਕਦਮ ਚੁੱਕਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ “ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026” ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਹੁਣ ਪੰਜਾਬ ਦੇ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਪ੍ਰਤੀਸ਼ਤ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ (X) ਅਕਾਊਂਟ ‘ਤੇ ਸਾਂਝੀ ਕੀਤੀ। ਉਨ੍ਹਾਂ ਰਾਜਪਾਲ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਲਏ ਗਏ ਇਸ ਮਹੱਤਵਪੂਰਨ ਫ਼ੈਸਲੇ ਨੂੰ ਸਮਰਥਨ ਮਿਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਾਨੇ ਫੀਸ ਵਾਧੇ ਨੂੰ ਰੋਕਣ ਲਈ ਲਿਆਂਦਾ ਗਿਆ ਹੈ। ਹੁਣ ਇਸ ਦੇ ਲਾਗੂ ਹੋਣ ਨਾਲ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਕਾਰੋਬਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ ‘ਤੇ ਪੈਣ ਵਾਲਾ ਵਾਧੂ ਵਿੱਤੀ ਬੋਝ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।