ਮੰਗਾਂ ਨਾ ਮੰਨੀਆਂ ਤਾਂ 27 ਨਵੰਬਰ ਨੂੰ ਧੂਰੀ ਵਿਖੇ ਹੋਵੇਗਾ ਵਿਸ਼ਾਲ ਸੂਬਾ ਪੱਧਰੀ ਇਕੱਠ                                                                                            ਜੇਕਰ ਸਰਕਾਰ ਨੇ ਟਾਲ-ਮਟੋਲ ਅਤੇ ਲਾਅਰੇਬਾਜ਼ੀ ਦੀ ਨੀਤੀ ਬੰਦ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ                                              ਨਾਭਾ 21 ਨਵੰਬਰ ( ਅਮਨ ਗਰਗ ) ‘ਇੰਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਸਮੂਹ ਮੁਲਾਜ਼ਮਾਂ ਵੱਲੋਂ ਸੁਬਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ‘ਨਾਭਾ ਦੇ ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਇਸ ਮੌਕੇ ਫਰਜ ਕੇਂਦਰ ਦੇ ਡਾਟਾ ਆਪਰੇਟਰ ਪਰਮਿੰਦਰ ਕੁਮਾਰ, ਅੰਜੂ ਰਾਣਾ, ਖੁਸ਼ਪ੍ਰੀਤ ਸ਼ਰਮਾ ਅਤੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਪਿਛਲੇ ਕਾਫ਼ੀ ਸਮੇ ਮੀਟਿੰਗਾਂ ਦਿੱਤੀਆਂ ਜਾ ਰਹੀਆਂ ਹਨ ਪਰ ਸਰਕਾਰ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ। ਇਸ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਅਤੇ ਵੱਡੀਆਂ ਰਾਹਤਾਂ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ ਸੀ। ਪ੍ਰੰਤੂ ਹਕੀਕਤ ਵਿੱਚ ਸਰਕਾਰ ਆਪਣੇ ਇਸ ਵਾਅਦੇ ਤੋਂ ਮੁੱਕਰ ਗਈ ਹੈ ਅਤੇ ਉਸ ਨੇ ਮੁਲਾਜ਼ਮ ਵਰਗ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਬੇਰੁਖ਼ੀ ਅਤੇ ਧੋਖੇ ਕਾਰਨ ਫਰਦ ਕੇਂਦਰ ਦੇ ਡਾਟਾ ਆਪਰੇਟਰ ਵਿੱਚ ਭਾਰੀ ਰੋਸ ਹੈ, ਜਿਸ ਦੇ ਸਿੱਟੇ ਵਜੋਂ ਸੂਬਾ ਕਮੇਟੀ ਨੇ ਇਹ ਫੈਸਲਾ ਲਿਆ ਕਿ 27 ਨਵੰਬਰ ਨੂੰ ਧੂਰੀ ਦੀ ਧਰਤੀ ਤੇ ਇਤਹਾਸਿਕ ਤੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਉਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਟਾਲ-ਮਟੋਲ ਅਤੇ ਲਾਅਰੇਬਾਜ਼ੀ ਦੀ ਨੀਤੀ ਬੰਦ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਇਸ ਆਰ-ਪਾਰ ਦੀ ਲੜਾਈ ਵਿੱਚ ਮੁਲਾਜ਼ਮਾਂ ਦੇ ਨਾਲ-ਨਾਲ ਉਹਨਾਂ ਦੇ ਪਰਿਵਾਰ, ਬੱਚੇ, ਰਿਸ਼ਤੇਦਾਰ ਅਤੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਯਾਦ ਦਿਵਾਇਆ ਕਿ ਮੌਜੂਦਾ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕਰਕੇ ਆਈ ਸੀ ਕਿ ਇੰਨਲਿਸਟਮੈਂਟ, ਆਊਟਸੋਰਸ, ਠੇਕਾ ਆਧਾਰਿਤ ਅਤੇ ਡੇਲੀਵੇਜ਼ ਕਾਮਿਆਂ ਨੂੰ ਸਬੰਧਤ ਵਿਭਾਗਾਂ ਅਧੀਨ ਲਿਆ ਕੇ ਪੱਕਾ ਕੀਤਾ ਜਾਵੇਗਾ। ਪਰ ਅਫ਼ਸੋਸ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਰਫ਼ ਲਾਰਿਆਂ ਨਾਲ ਹੀ ਡੰਗ ਟਪਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ-ਪਹਿਲਾਂ ਮੁਲਾਜ਼ਮਾਂ ਦੀਆਂ ਸਮੂਹ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ 23 ਨਵੰਬਰ ਨੂੰ ਤੈਅ ਹੋਈ ਅਗਲੀ ਮੀਟਿੰਗ ਵਿੱਚ ਸਰਕਾਰ ਮੁਲਾਜ਼ਮਾ ਦੀਆਂ ਮੰਗਾਂ ਦਾ ਪੱਕਾ ਅਤੇ ਸਥਾਈ ਹੱਲ ਕੱਢੇਗੀ। ਜੇਕਰ ਇਸ ਮੀਟਿੰਗ ਵਿੱਚ ਵੀ ਕੋਈ ਠੋਸ ਫ਼ੈਸਲਾ ਨਾ ਆਇਆ ਤਾਂ 27 ਨਵੰਬਰ ਨੂੰ ਧੂਰੀ ਦੀ ਧਰਤੀ ‘ਤੇ ਇਤਿਹਾਸਕ ਤੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਇਸ ਦੌਰਾਨ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਅਤੇ ਅਮਨ-ਕਾਨੂੰਨ ਦੀ ਸਥਿਤੀ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।

ਇਸ ਮੌਕੇ ਕਿਸਾਨ ਯੂਨੀਅਨ ਰਾਜੇਵਾਲ ਸੂਬਾ ਸਕੱਤਰ ਹਰਦੀਪ ਸਿੰਘ ਘਨੂੰੜਕੀ ਅਤੇ ਜ਼ਿਲਾ ਮੀਤ ਪ੍ਰਧਾਨ ਅਵਤਾਰ ਸਿੰਘ ਪੇਦਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਲਾਇਕੀ ਕਾਰਨ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਉਨਾ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਫਰਦ ਕੇਂਦਰ ਦੇ ਮੁਲਾਜ਼ਮ ਲੰਬੀ ਹੜਤਾਲ ਤੇ ਚਲੇ ਜਾਂਦੇ ਹਨ ਤਾਂ ਕਿਸਾਨਾਂ ਅਤੇ ਲੋਕਾਂ ਦੇ ਕੰਮ ਰੁਕ ਜਾਣਗੇ। ਅੱਜ ਮੁਲਾਜ਼ਮਾਂ ਨੂੰ ਸਾਡੇ ਵੱਲੋਂ ਬੇਨਤੀ ਕੀਤੀ ਗਈ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਛੁੱਟੀਆਂ ਹਨ, ਜਿਸ ਕਾਰਨ ਫਰਦਾਂ ਤੋਂ ਬਿਨਾਂ ਸਾਡੇ ਕੰਮ ਨਹੀਂ ਹੋਣਗੇ। ਇਹਨਾਂ ਕਹਿਣ ਤੇ ਉਨਾਂ ਵੱਲੋਂ ਹੜਤਾਲ ਨੂੰ ਖਤਮ ਕੀਤਾ ਗਿਆ। ਉਹਨਾਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਗਈ ਫਰਦ ਕੇਂਦਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਮੰਨਿਆ ਜਾਵੇ।