ਪੰਜਾਬ ‘ਚ ਅੱਜ ਤੋਂ ਮੀਂਹ ਦਾ ਦੌਰ, 4 ਦਿਨਾਂ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਸੋਮਵਾਰ) ਤੋਂ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅਗਲੇ ਚਾਰ ਦਿਨਾਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਵੀ ਜਤਾਈ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਪਟਿਆਲਾ ਵਿੱਚ 6 ਸੈਂਟੀਮੀਟਰ, ਜਦਕਿ ਜਲੰਧਰ ਅਤੇ ਲੁਧਿਆਣਾ ਵਿੱਚ 5-5 ਸੈਂਟੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਦੂਜੇ ਪਾਸੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵਧਦੀ ਗਰਮੀ ਕਾਰਨ ਐਤਵਾਰ ਨੂੰ ਪੰਜਾਬ ਵਿੱਚ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ। ਸ਼ਾਮ 5 ਵਜੇ ਤੱਕ ਮੰਗ 15,840 ਮੈਗਾਵਾਟ ਰਹੀ। ਇਸ ਦੌਰਾਨ ਸੂਬੇ ਨੇ 4,900 ਮੈਗਾਵਾਟ ਬਿਜਲੀ ਖੁਦ ਪੈਦਾ ਕੀਤੀ, ਜਦਕਿ ਕਰੀਬ 10,300 ਮੈਗਾਵਾਟ ਬਿਜਲੀ ਕੇਂਦਰ ਸਰਕਾਰ ਤੋਂ ਪ੍ਰਾਪਤ ਕੀਤੀ ਗਈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਅਗਲੇ ਤਿੰਨ ਦਿਨਾਂ ਦੌਰਾਨ ਦੱਖਣ-ਪੱਛਮੀ ਮੌਨਸੂਨ ਦੇ ਪੰਜਾਬ ਅਤੇ ਹਰਿਆਣਾ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਨਾਲ ਹੀ ਇੱਕ ਸਰਗਰਮ ਪੱਛਮੀ ਗੜਬੜ ਕਾਰਨ ਉੱਤਰੀ ਭਾਰਤ ਵਿੱਚ ਮੌਸਮ ਬਦਲਿਆ ਰਹੇਗਾ ਅਤੇ ਕਈ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ।