ਪੰਜਾਬ ‘ਚ ਅੱਜ 21 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, 13 ਜੁਲਾਈ ਤੋਂ ਮੁੜ ਵਧੇਗੀ ਗਰਮੀ

ਮੁਹਾਲੀ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ (ਸ਼ੁੱਕਰਵਾਰ) ਸੂਬੇ ਦੇ 21 ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਅਗਲੇ ਤਿੰਨ ਦਿਨਾਂ ਤੱਕ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ, ਪਰ 13 ਜੁਲਾਈ ਤੋਂ ਮਾਨਸੂਨ ਕਮਜ਼ੋਰ ਪੈਣ ਨਾਲ ਮੌਸਮ ਮੁੜ ਖੁਸ਼ਕ ਹੋਵੇਗਾ ਅਤੇ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ ਅਤੇ ਹੁਸ਼ਿਆਰਪੁਰ ਵਿੱਚ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ, ਪਰ ਇਹ ਅਜੇ ਵੀ ਆਮ ਨਾਲੋਂ 2.5 ਡਿਗਰੀ ਘੱਟ ਰਿਹਾ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 42.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮੀਂਹ ਕਾਰਨ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 5.5 ਡਿਗਰੀ ਘੱਟ ਹੈ।

ਮੀਂਹ ਦੇ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਵਿੱਚ 34 ਮਿਲੀਮੀਟਰ, ਚੰਡੀਗੜ੍ਹ ਹਵਾਈ ਅੱਡੇ ‘ਤੇ 32.6 ਮਿਲੀਮੀਟਰ, ਮੋਹਾਲੀ ਵਿੱਚ 21 ਮਿਲੀਮੀਟਰ, ਪਟਿਆਲਾ ਵਿੱਚ 9.9 ਮਿਲੀਮੀਟਰ, ਸ੍ਰੀ ਆਨੰਦਪੁਰ ਸਾਹਿਬ ਵਿੱਚ 5.5 ਮਿਲੀਮੀਟਰ, ਭਾਖੜਾ ਡੈਮ ‘ਤੇ 4 ਮਿਲੀਮੀਟਰ, ਜਦਕਿ ਥੀਨ ਡੈਮ ਅਤੇ ਸਲੇਰਾਂ (ਹੁਸ਼ਿਆਰਪੁਰ) ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਜ਼ਿਲ੍ਹੇ ਸੁੱਕੇ ਰਹੇ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਟ੍ਰੈਫ਼ ਹੌਲੀ-ਹੌਲੀ ਹਿਮਾਲਿਆ ਦੀਆਂ ਤਲਹਟੀਆਂ ਵੱਲ ਖਿਸਕ ਰਿਹਾ ਹੈ, ਜਿਸ ਕਾਰਨ ਉੱਤਰ-ਪੱਛਮ ਵੱਲੋਂ ਖੁਸ਼ਕ ਹਵਾਵਾਂ ਚੱਲਣਗੀਆਂ ਅਤੇ ਨਮੀ ਵਿੱਚ ਕਮੀ ਆਵੇਗੀ। ਇਸ ਦੇ ਨਤੀਜੇ ਵਜੋਂ 13 ਤੋਂ 15 ਜੁਲਾਈ ਦੌਰਾਨ ਮੀਂਹ ਦੀ ਗਤੀਵਿਧੀ ਕਾਫ਼ੀ ਘੱਟ ਰਹੇਗੀ ਅਤੇ ਸਿਰਫ਼ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਮੁਕਾਬਲਤਨ ਖੁਸ਼ਕ ਰਹੇਗਾ ਅਤੇ ਦਿਨ ਦਾ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ।