ਪੰਜਾਬ ‘ਚ ਮਾਨਸੂਨ ਸੁਸਤ, ਗਰਮੀ-ਹੁੰਮਸ ਨੇ ਵਧਾਈ ਤਕਲੀਫ਼; 8 ਜ਼ਿਲ੍ਹਿਆਂ ਲਈ ਯੈਲੋ ਅਲਰਟ, 19 ਜੁਲਾਈ ਤੋਂ ਮੀਂਹ ਦੇ ਆਸਾਰ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਇਸ ਵੇਲੇ ਕਾਫ਼ੀ ਮੱਠੀ ਪੈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਤਿੱਖੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਨਾ ਪੈਣ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਬਿਜਲੀ ਦੀ ਮੰਗ ਵੀ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਚੰਡੀਗੜ੍ਹ ਸਥਿਤ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਲਈ ਗਰਮੀ ਅਤੇ ਹੁੰਮਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਲੋਕਾਂ ਨੂੰ ਤਿੱਖੀ ਗਰਮੀ ਅਤੇ ਉਮਸ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ ਲਈ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਰਿਹਾ। ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਪਾਰਾ 41.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਮੌਸਮ ਵਿਗਿਆਨੀਆਂ ਦੇ ਅਨੁਸਾਰ, ਇਸ ਸਮੇਂ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਉੱਪਰ ਬਣਿਆ ਘੱਟ ਦਬਾਅ ਵਾਲਾ ਖੇਤਰ ਸਰਗਰਮ ਹੈ। ਇਹ ਪ੍ਰਣਾਲੀ ਆਪਣੇ ਆਲੇ-ਦੁਆਲੇ ਨਮੀ ਇਕੱਠੀ ਕਰਕੇ ਭਾਰੀ ਮੀਂਹ ਵਾਲੇ ਬੱਦਲ ਤਿਆਰ ਕਰ ਰਹੀ ਹੈ, ਪਰ ਪੰਜਾਬ ਤੋਂ ਕਾਫ਼ੀ ਦੂਰ ਹੋਣ ਕਰਕੇ ਇਸ ਦਾ ਪ੍ਰਭਾਵ ਸੂਬੇ ਤੱਕ ਨਹੀਂ ਪਹੁੰਚ ਰਿਹਾ। ਇਸੇ ਕਾਰਨ ਪੰਜਾਬ ਵਿੱਚ ਮਾਨਸੂਨ ਦੀ ਗਤੀਵਿਧੀ ਕਮਜ਼ੋਰ ਬਣੀ ਹੋਈ ਹੈ।

ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 18 ਜੁਲਾਈ ਤੱਕ ਸੂਬੇ ਵਿੱਚ ਗਰਮ ਅਤੇ ਸਿੱਲ੍ਹਾ ਮੌਸਮ ਬਣਿਆ ਰਹੇਗਾ ਅਤੇ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ 19 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ, ਜਦਕਿ 20 ਤੋਂ 22 ਜੁਲਾਈ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਚੰਗੀ ਬਾਰਿਸ਼ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਵੀ ਪੈ ਸਕਦਾ ਹੈ।

ਦੂਜੇ ਪਾਸੇ, ਗਰਮੀ ਅਤੇ ਹੁੰਮਸ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 14,571 ਮੈਗਾਵਾਟ ਦਰਜ ਕੀਤੀ ਗਈ, ਜਦਕਿ ਰਾਜ ਦਾ ਆਪਣਾ ਉਤਪਾਦਨ 5,588 ਮੈਗਾਵਾਟ ਰਿਹਾ। ਬਾਕੀ ਲੋੜ ਪੂਰੀ ਕਰਨ ਲਈ 8,980 ਮੈਗਾਵਾਟ ਬਿਜਲੀ ਰਾਸ਼ਟਰੀ ਗਰਿੱਡ ਤੋਂ ਲਈ ਗਈ।

ਇਸੇ ਦੌਰਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਅੰਕੜਿਆਂ ਅਨੁਸਾਰ, ਭਾਖੜਾ ਡੈਮ ਦਾ ਪਾਣੀ ਪੱਧਰ 1,582.78 ਫੁੱਟ ਦਰਜ ਕੀਤਾ ਗਿਆ, ਜੋ ਕਿ ਇਸ ਦੇ 1,680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ। ਉੱਥੇ ਹੀ ਪੌਂਗ ਡੈਮ ਦਾ ਪਾਣੀ ਪੱਧਰ 1,322.12 ਫੁੱਟ ਰਿਹਾ, ਜਦਕਿ ਇਸ ਦਾ ਖ਼ਤਰੇ ਦਾ ਨਿਸ਼ਾਨ 1,390 ਫੁੱਟ ਹੈ। ਭਾਖੜਾ ਡੈਮ ਵਿੱਚ 34,193 ਕਿਊਸਿਕ ਪਾਣੀ ਦੀ ਆਮਦ ਅਤੇ 26,549 ਕਿਊਸਿਕ ਪਾਣੀ ਦੀ ਨਿਕਾਸੀ ਦਰਜ ਕੀਤੀ ਗਈ, ਜਦਕਿ ਪੌਂਗ ਡੈਮ ਵਿੱਚ 10,384 ਕਿਊਸਿਕ ਪਾਣੀ ਆਇਆ ਅਤੇ 18,041 ਕਿਊਸਿਕ ਪਾਣੀ ਛੱਡਿਆ ਗਿਆ।

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਰਮੀ ਅਤੇ ਹੁੰਮਸ ਦੇ ਮੱਦੇਨਜ਼ਰ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਦਾ ਖ਼ਾਸ ਧਿਆਨ ਰੱਖਣ। 19 ਜੁਲਾਈ ਤੋਂ ਬਾਅਦ ਮਾਨਸੂਨ ਦੀ ਸਰਗਰਮੀ ਵਧਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।