ਪੰਜਾਬ ’ਚ ਅੱਜ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਮੌਨਸੂਨ ਸੀਜ਼ਨ ’ਚ 30 ਫੀਸਦੀ ਘੱਟ ਮੀਂਹ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਮੌਸਮ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹੇਗਾ ਅਤੇ ਇੱਕ-ਦੋ ਵਾਰ ਮੀਂਹ ਜਾਂ ਬਿਜਲੀ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਵੱਧ 36 ਡਿਗਰੀ ਸੈਲਸੀਅਸ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਕੀਤਾ ਗਿਆ।

ਹਾਲਾਂਕਿ, ਮੌਨਸੂਨ ਸੀਜ਼ਨ ਦੌਰਾਨ ਪੰਜਾਬ ਵਿੱਚ ਹੁਣ ਤੱਕ ਆਮ ਨਾਲੋਂ 30 ਫੀਸਦੀ ਘੱਟ ਬਾਰਿਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਵੀਰਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਲੁਧਿਆਣਾ ਵਿੱਚ 11.5 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 11 ਮਿਲੀਮੀਟਰ, ਚੰਡੀਗੜ੍ਹ ਵਿੱਚ 10.7 ਮਿਲੀਮੀਟਰ, ਲੁਧਿਆਣਾ ਸ਼ਹਿਰ ਵਿੱਚ 5.4 ਮਿਲੀਮੀਟਰ, ਭਾਖੜਾ ਡੈਮ ਖੇਤਰ ਵਿੱਚ 5 ਮਿਲੀਮੀਟਰ, ਸ੍ਰੀ ਆਨੰਦਪੁਰ ਸਾਹਿਬ ਵਿੱਚ 0.5 ਮਿਲੀਮੀਟਰ ਅਤੇ ਪਟਿਆਲਾ ਵਿੱਚ 0.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਦੂਜੇ ਪਾਸੇ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਸੰਗਰੂਰ ਅਤੇ ਤਰਨਤਾਰਨ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਸ ਸਮੇਂ ਦੌਰਾਨ ਮੀਂਹ ਨਹੀਂ ਪਿਆ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਮੌਨਸੂਨ ਦੀ ਟਰੱਫ ਇਸ ਸਮੇਂ ਫਿਰੋਜ਼ਪੁਰ ਵਿੱਚੋਂ ਲੰਘ ਰਹੀ ਹੈ, ਜਦਕਿ ਉੱਤਰ-ਪੱਛਮੀ ਭਾਰਤ ਵਿੱਚ ਪੱਛਮੀ ਗੜਬੜੀ ਵੀ ਸਰਗਰਮ ਹੈ। ਇਨ੍ਹਾਂ ਦੋਵਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਅਗਲੇ ਸੱਤ ਦਿਨਾਂ ਦੌਰਾਨ ਪੰਜਾਬ ਦਾ ਮੌਸਮ ਅਸਥਿਰ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ ’ਤੇ ਬਿਜਲੀ ਦੀ ਗਰਜ-ਚਮਕ ਨਾਲ ਭਾਰੀ ਮੀਂਹ ਵੀ ਪੈ ਸਕਦਾ ਹੈ। ਬਾਰਿਸ਼ ਕਾਰਨ ਤਾਪਮਾਨ ਵਿੱਚ ਵੱਡਾ ਵਾਧਾ ਹੋਣ ਦੀ ਸੰਭਾਵਨਾ ਨਹੀਂ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲ ਸਕਦੀ ਹੈ।