
Skip to content

ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਨੇ ਲਈ ਕਰਵਟ, ਤੇਜ਼ ਹਵਾਵਾਂ ਤੇ ਮੀਂਹ ਦੀ ਚਿਤਾਵਨੀ
ਜਲੰਧਰ (ਅਰਸ਼ਦੀਪ ਸਿੰਘ ਕਾਲੜਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਹੈ। ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚੱਲਣ ਕਾਰਨ ਮੌਸਮ ਵਿੱਚ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਵੀ ਬਿਜਲੀ ਦੀ ਗਰਜ ਅਤੇ ਤੇਜ਼ ਹਵਾਵਾਂ ਨਾਲ ਤੂਫ਼ਾਨੀ ਮੌਸਮ ਬਣਨ ਦੇ ਆਸਾਰ ਹਨ।
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਗਰਜ-ਤੂਫ਼ਾਨ, ਬਿਜਲੀ ਦੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਇਹ ਤਬਦੀਲੀ ਆਈ ਹੈ। ਆਉਣ ਵਾਲੇ ਕੁਝ ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਬੱਦਲਵਾਈ, ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 12 ਅਕਤੂਬਰ ਤੋਂ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਮੌਸਮ ਵਿੱਚ ਬਦਲਾਅ ਅਤੇ ਠੰਢੀਆਂ ਹਵਾਵਾਂ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਸੂਬੇ ਵਿੱਚ ਬਿਜਲੀ ਦੀ ਮੰਗ 9,527 ਮੈਗਾਵਾਟ ਰਹੀ, ਜਦਕਿ ਖਪਤ 4,832 ਮੈਗਾਵਾਟ ਅਤੇ ਬਿਜਲੀ ਉਤਪਾਦਨ 4,697 ਮੈਗਾਵਾਟ ਦਰਜ ਕੀਤਾ ਗਿਆ।

Related