Skip to content
ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ : ਜਤਿੰਦਰ ਸਿੰਘ ਸ਼ੰਟੀ
ਜ਼ੀਰਾ ਵਿਖੇ ਜਨਤਕ ਸੁਣਵਾਈ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਦਿੱਤੇ ਨਿਰਦੇਸ਼
ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਵਟਸਐਪ ਹੈਲਪਲਾਈਨ ਨੰਬਰ 98554-75547 ’ਤੇ ਕੀਤੀਆਂ ਜਾ ਸਕਦੀਆਂ ਹਨ
ਜਤਿੰਦਰ ਪਿੰਕਲ, ਜ਼ੀਰਾ/ਫ਼ਿਰੋਜ਼ਪੁਰ : ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਜੀ.ਓਜ਼., ਸੀਨੀਅਰ ਸਿਟੀਜ਼ਨਾਂ, ਵਕੀਲਾਂ, ਡਾਕਟਰਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।
ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਪੁਰਸਕਾਰ ਜੇਤੂ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਜ਼ੀਰਾ ਦੇ ਜਨ ਕਲਿਆਣ ਭਵਨ ਵਿਖੇ ਕਰਵਾਈ ਗਈ ਜਨਤਕ ਸੁਣਵਾਈ ਦੌਰਾਨ ਕੀਤਾ।
ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ੰਟੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਦੀ ਲੜੀ ਤਹਿਤ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫ਼ਿਰੋਜ਼ਪੁਰ ਦੀ ਸਬ-ਡਵੀਜ਼ਨ ਜ਼ੀਰਾ ਵਿਖੇ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਇਸ ਮਕਸਦ ਲਈ ਕਮਿਸ਼ਨ ਵੱਲੋਂ ਨਵੀਆਂ ਐਡਵਾਈਜ਼ਰੀਆਂ ਵੀ ਜਾਰੀ ਕੀਤੀਆਂ ਗਈਆਂ ਹਨ।
ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਸਿਹਤ ਖੇਤਰ ਨਾਲ ਸਬੰਧਿਤ ਮਨੁੱਖੀ ਅਧਿਕਾਰਾਂ ਬਾਰੇ ਗੱਲ ਕਰਦਿਆਂ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਹਸਪਤਾਲ ਇਲਾਜ ਦੀ ਫੀਸ ਬਕਾਇਆ ਹੋਣ ਦੇ ਆਧਾਰ ’ਤੇ ਮਰੀਜ਼ ਜਾਂ ਮ੍ਰਿਤਕ ਦੀ ਦੇਹ ਨੂੰ ਬੰਧਕ ਬਣਾ ਕੇ ਨਹੀਂ ਰੱਖ ਸਕਦਾ। ਅਜਿਹਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਵੱਲੋਂ ਆਦੇਸ਼ਾਂ ਦੀ ਕਾਪੀ ਮੌਕੇ ’ਤੇ ਮੁੱਖ ਮੈਡੀਕਲ ਅਫ਼ਸਰ ਨੂੰ ਸੌਂਪੀ ਗਈ ਅਤੇ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਇਸ ਸਬੰਧੀ ਜਾਗਰੂਕਤਾ ਪੋਸਟਰ ਲਗਾਏ ਜਾਣ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਹਸਪਤਾਲ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹਰ ਹਸਪਤਾਲ ਵਿੱਚ ਮੁਰਦਾਘਰ ਅਤੇ ਐਂਬੂਲੈਂਸ ਦੀ ਸਹੂਲਤ ਹੋਣੀ ਵੀ ਬਹੁਤ ਜ਼ਰੂਰੀ ਹੈ।
ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਕੋਰ ਗਰੁੱਪ
ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕੋਰ ਗਰੁੱਪ ਤਿਆਰ ਕੀਤਾ ਗਿਆ ਹੈ। ਇਹ ਕੋਰ ਗਰੁੱਪ ਮਨੁੱਖੀ ਅਧਿਕਾਰਾਂ ਦੀ ਉਲੰਘਣਾ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ’ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ।
ਇਨ੍ਹਾਂ ਕੋਰ ਗਰੁੱਪਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲ ਉਨ੍ਹਾਂ ਲੋਕਾਂ ਲਈ ਵਿਸ਼ੇਸ਼ ਤੌਰ ’ਤੇ ਲਾਹੇਵੰਦ ਸਾਬਤ ਹੋਵੇਗੀ, ਜੋ ਕਿਸੇ ਮਜਬੂਰੀ ਕਾਰਨ ਚੰਡੀਗੜ੍ਹ ਵਿਖੇ ਕਮਿਸ਼ਨ ਤੱਕ ਪਹੁੰਚ ਨਹੀਂ ਕਰ ਸਕਦੇ।
ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਵਟਸਐਪ ਹੈਲਪਲਾਈਨ ਨੰਬਰ 98554-75547 ਜਾਰੀ ਕਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ’ਤੇ 24 ਘੰਟੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਜਨਤਕ ਸੁਣਵਾਈ ਦੌਰਾਨ ਪੁਲਿਸ, ਡੀ.ਡੀ.ਪੀ.ਓ., ਸਿਹਤ ਵਿਭਾਗ, ਨਗਰ ਕੌਂਸਲ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਸ੍ਰੀ ਸ਼ੰਟੀ ਵੱਲੋਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਪਹਿਲਾਂ ਮਨੁੱਖੀ ਅਧਿਕਾਰਾਂ ਦੀਆਂ ਗੰਭੀਰ ਉਲੰਘਣਾਵਾਂ ਵੱਲ ਅਕਸਰ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਮਨੁੱਖੀ ਅਧਿਕਾਰ ਕਮਿਸ਼ਨਾਂ ਦੇ ਗਠਨ ਨਾਲ ਜਵਾਬਦੇਹੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਅਣਡਿੱਠਾ ਕਰਨਾ ਜਾਂ ਰਿਹਾਇਸ਼ੀ ਸੋਸਾਇਟੀਆਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨਾ ਵੀ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਗੰਭੀਰ ਮਸਲਾ ਹੈ। ਅਜਿਹੇ ਮਾਮਲਿਆਂ ਵਿੱਚ ਕਮਿਸ਼ਨ ਵੱਲੋਂ ਖ਼ੁਦ ਨੋਟਿਸ ਵੀ ਲਏ ਜਾਣਗੇ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਵਲੰਟੀਅਰਾਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਸਮੇਤ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਦੀ ਸਹਾਇਤਾ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਕਾਰਜਾਂ ਵਿੱਚ ਲੱਗੇ ਲੋਕਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਜ਼ੀਰਾ ਸ੍ਰੀ ਸੂਰਜ, ਸਟੇਟ ਕੋਰ ਕਮੇਟੀ ਮੈਂਬਰ ਭੋਲਾ ਸਿੰਘ ਵਿਰਕ, ਐਸ.ਪੀ. (ਐਚ) ਸ੍ਰੀ ਬਲਜੀਤ ਸਿੰਘ, ਤਹਿਸੀਲਦਾਰ ਜ਼ੀਰਾ ਸ੍ਰੀ ਵਿਨੋਦ ਕੁਮਾਰ, ਨਾਇਬ ਤਹਿਸੀਲਦਾਰ ਮੱਖੂ ਸ੍ਰੀ ਪਰਮਪਾਲ ਸਿੰਘ, ਕੋਰ ਗਰੁੱਪ ਮੈਂਬਰ ਗੁਰਨਾਮ ਸਿੱਧੂ, ਨਰਿੰਦਰ ਸਿੰਘ ਕੇਸਰ, ਅਮਰਜੀਤ ਕੌਰ ਛਾਬੜਾ, ਬਾਬਾ ਸਤਨਾਮ ਸਿੰਘ ਵੱਲੀਆਂ, ਗੁਰਨੂਰ ਬਰਾੜ, ਅਮਨ ਮੌਂਗਾ, ਰਮਨਦੀਪ ਕੌਰ, ਤੋਤਾ ਸਿੰਘ ਤੋਂ ਇਲਾਵਾ ਐਨ.ਜੀ.ਓਜ਼. ਦੇ ਨੁਮਾਇੰਦੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਜ਼ਿਲ੍ਹੇ ਦੀਆਂ ਹੋਰ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ।
Related