Skip to content
ਪੰਜਾਬ ਦੇ 16 ਜ਼ਿਲ੍ਹਿਆਂ ’ਚ ਅੱਜ ਬਦਲੇਗਾ ਮੌਸਮ, ਕਈ ਥਾਵਾਂ ’ਤੇ ਮੀਂਹ ਦੀ ਸੰਭਾਵਨਾ
15 ਨਵੰਬਰ ਤੋਂ ਬਾਅਦ ਪੰਜਾਬ ਵਿੱਚ ਮੌਸਮ ਰਹੇਗਾ ਖੁਸ਼ਕ, 16 ਤੋਂ 18 ਨਵੰਬਰ ਤੱਕ ਵਧੇਗੀ ਠੰਢ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 0.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਉੱਧਰ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 5.9 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿੱਚ ਆ ਰਹੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਠੰਢ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਮੌਜੂਦਾ ਪੱਛਮੀ ਗੜਬੜੀ ਸਮੁੰਦਰੀ ਤਲ ਤੋਂ ਲਗਭਗ 5.8 ਕਿਲੋਮੀਟਰ ਦੀ ਉਚਾਈ ’ਤੇ ਸਰਗਰਮ ਹੈ। ਇਸ ਤੋਂ ਇਲਾਵਾ 15 ਨਵੰਬਰ ਤੋਂ ਇੱਕ ਹੋਰ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ, ਪਰ ਪੰਜਾਬ ਵਿੱਚ 15 ਨਵੰਬਰ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਟ੍ਰਾਈਸਿਟੀ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਗਿਰਾਵਟ ਆਵੇਗੀ। 14 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ 14 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜਦਕਿ 15 ਨਵੰਬਰ ਨੂੰ ਇਹ ਕ੍ਰਮਵਾਰ 27 ਅਤੇ 12 ਡਿਗਰੀ ਰਹਿ ਸਕਦਾ ਹੈ। 16 ਤੋਂ 18 ਨਵੰਬਰ ਦਰਮਿਆਨ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ। ਇਸ ਨਾਲ ਸਵੇਰੇ ਅਤੇ ਰਾਤ ਦੇ ਸਮੇਂ ਠੰਢ ਦਾ ਅਹਿਸਾਸ ਹੋਰ ਵਧੇਗਾ।
Related