ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਬਿਜਲੀ ਗਰਜ, ਤੂਫ਼ਾਨ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 38.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ ਅਤੇ ਰੂਪਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮੌਨਸੂਨ ਇਸ ਮਹੀਨੇ ਦੇ ਅੰਤ ਤੱਕ ਦਸਤਕ ਦੇ ਸਕਦਾ ਹੈ। 25 ਤੋਂ 30 ਜੂਨ ਦਰਮਿਆਨ ਮੌਨਸੂਨ ਦੇ ਪਹੁੰਚਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ ਮੌਨਸੂਨ ਸਭ ਤੋਂ ਪਹਿਲਾਂ ਅਤੇ ਬਠਿੰਡਾ ਵਿੱਚ ਸਭ ਤੋਂ ਬਾਅਦ ਪਹੁੰਚਣ ਦੀ ਉਮੀਦ ਹੈ, ਜਦਕਿ ਚੰਡੀਗੜ੍ਹ ਵਿੱਚ 27 ਤੋਂ 30 ਜੂਨ ਦੇ ਵਿਚਕਾਰ ਮੌਨਸੂਨ ਸਰਗਰਮ ਹੋ ਸਕਦਾ ਹੈ। 28-29 ਜੂਨ ਦੇ ਆਸਪਾਸ ਚੰਡੀਗੜ੍ਹ ਵਿੱਚ ਚੰਗੀ ਬਾਰਿਸ਼ ਹੋਣ ਦੇ ਸੰਕੇਤ ਹਨ।

ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 26 ਜੂਨ ਤੱਕ ਅਤੇ ਫਿਰ 29 ਜੂਨ ਦੇ ਆਸਪਾਸ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਹਾਲਾਂਕਿ ਅਗਲੇ ਤਿੰਨ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਵੀ ਹੋ ਸਕਦਾ ਹੈ। ਇਸ ਦੌਰਾਨ ਗਰਜ-ਤੂਫ਼ਾਨ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹੇਗੀ।