ਪੰਜਾਬ ਸਰਕਾਰ ਵੱਲੋਂ ਨਵੇਂ ਕਰਜ਼ੇ ਦੀ ਲੈਣੀ, ਕੁੱਲ ਕਰਜ਼ਾ ਬੋਝ 3 ਲੱਖ ਕਰੋੜ ਰੁਪਏ ਤੋਂ ਵੱਧ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)   :- ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੌਰਾਨ ਭਾਰਤੀ ਰਿਜ਼ਰਵ ਬੈਂਕ (RBI) ਦੇ ਕੈਲੰਡਰ ਅਨੁਸਾਰ ਬਾਜ਼ਾਰ ਤੋਂ ਤਾਜ਼ਾ ਕਰਜ਼ਾ ਲਿਆ ਹੈ। ਸਰਕਾਰੀ ਅੰਕੜਿਆਂ ਮੁਤਾਬਕ, 7 ਅਪ੍ਰੈਲ ਤੋਂ 23 ਜੂਨ ਦਰਮਿਆਨ ਵੱਖ-ਵੱਖ ਕਿਸ਼ਤਾਂ ਵਿੱਚ ਕੁੱਲ 9,500 ਕਰੋੜ ਰੁਪਏ ਦਾ ਕਰਜ਼ਾ ਇਕੱਠਾ ਕੀਤਾ ਗਿਆ ਹੈ।

ਇਸ ਵਿੱਚ ਅਪ੍ਰੈਲ ਮਹੀਨੇ ਦੌਰਾਨ 4,000 ਕਰੋੜ ਰੁਪਏ, ਮਈ ਵਿੱਚ 3,000 ਕਰੋੜ ਰੁਪਏ ਅਤੇ ਜੂਨ ਵਿੱਚ 2,500 ਕਰੋੜ ਰੁਪਏ ਦਾ ਕਰਜ਼ਾ ਸ਼ਾਮਲ ਹੈ। ਇਸ ਨਵੇਂ ਕਰਜ਼ੇ ਨਾਲ ਸੂਬੇ ਦੀ ਵਿੱਤੀ ਜ਼ਿੰਮੇਵਾਰੀ ਵਿੱਚ ਹੋਰ ਵਾਧਾ ਹੋਇਆ ਹੈ।

ਅਧਿਕਾਰਿਕ ਅੰਕੜਿਆਂ ਅਨੁਸਾਰ, ਪੰਜਾਬ ‘ਤੇ ਪਹਿਲਾਂ ਹੀ 3 ਲੱਖ ਕਰੋੜ ਰੁਪਏ ਤੋਂ ਵੱਧ ਦਾ ਕੁੱਲ ਕਰਜ਼ਾ ਮੌਜੂਦ ਹੈ। ਵਿੱਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਨਵੇਂ ਕਰਜ਼ਿਆਂ ਨਾਲ ਸੂਬੇ ਦੇ ਵਿੱਤੀ ਪ੍ਰਬੰਧਨ ਅਤੇ ਭਵਿੱਖੀ ਖਰਚਿਆਂ ’ਤੇ ਹੋਰ ਦਬਾਅ ਪੈ ਸਕਦਾ ਹੈ।

ਦੂਜੇ ਪਾਸੇ ਸਰਕਾਰ ਵੱਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਇਹ ਕਰਜ਼ਾ ਵਿਕਾਸ ਕਾਰਜਾਂ, ਜਨ-ਸੇਵਾਵਾਂ ਅਤੇ ਹੋਰ ਜ਼ਰੂਰੀ ਖਰਚਿਆਂ ਲਈ ਵਰਤਿਆ ਜਾਂਦਾ ਹੈ।

ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਤਨਖਾਹਾਂ, ਡੀਏ ਬਕਾਇਆ ਅਤੇ ਹੋਰ ਮਸਲਿਆਂ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਅਤੇ ਪ੍ਰਦਰਸ਼ਨਾਂ ਦੇ ਵਿਚਕਾਰ ਇਹ ਵਿੱਤੀ ਅੰਕੜੇ ਮੁੜ ਸੂਬੇ ਦੀ ਆਰਥਿਕ ਸਥਿਤੀ ’ਤੇ ਸਵਾਲ ਖੜ੍ਹੇ ਕਰ ਰਹੇ ਹਨ।