
Skip to content

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਗਰਮੀ ਅਤੇ ਉਮਸ ਤੋਂ ਰਾਹਤ ਦੀ ਖ਼ਬਰ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਸ਼ਨੀਵਾਰ, 27 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਗਰਜ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਰੂਪਨਗਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿ ਸਕਦਾ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ ‘ਤੇ ਜਾਣ ਤੋਂ ਬਚਣ ਅਤੇ ਦਰੱਖਤਾਂ ਜਾਂ ਬਿਜਲੀ ਦੇ ਖੰਭਿਆਂ ਹੇਠਾਂ ਖੜ੍ਹੇ ਨਾ ਹੋਣ।
ਹਾਲਾਂਕਿ, 28 ਤੋਂ 30 ਜੂਨ ਤੱਕ ਮੌਸਮ ਵਿੱਚ ਸੁਧਾਰ ਅਤੇ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

Related