ਪੰਜਾਬ ’ਚ 24 ਤੋਂ 26 ਜੂਨ ਤੱਕ ਬੱਸਾਂ ਦਾ ਚੱਕਾ ਜਾਮ, ਪਨਬਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਨੇ ਹੜਤਾਲ ਦਾ ਕੀਤਾ ਐਲਾਨ

ਚੰਡੀਗੜ੍ਹ/ਲੁਧਿਆਣਾ: ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਸਫ਼ਰ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ 24, 25 ਅਤੇ 26 ਜੂਨ ਨੂੰ ਤਿੰਨ ਦਿਨਾਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਹੜਤਾਲ ਕਾਰਨ ਸੂਬੇ ਭਰ ਵਿੱਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਲੁਧਿਆਣਾ ਵਿਖੇ ਪੰਜਾਬ ਰੋਡਵੇਜ਼ ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਦੀ ਸਟੇਟ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ 27 ਡਿਪੂਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦੌਰਾਨ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਸੰਸਥਾਪਕ ਕਮਲ ਕੁਮਾਰ ਨੇ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਆਏ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਅਜੇ ਤੱਕ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਵਿਭਾਗ ਵਿੱਚ ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ।

ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਕਿਲੋਮੀਟਰ ਸਕੀਮ ਤਹਿਤ ਨਿੱਜੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਰਕਾਰ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ 22 ਜੂਨ ਤੋਂ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਨੀਟ ਪ੍ਰੀਖਿਆ ਦੇ ਮੱਦੇਨਜ਼ਰ ਅਤੇ ਪ੍ਰੀਖਿਆਰਥੀਆਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੜਤਾਲ ਦੀ ਤਾਰੀਖ਼ ਅੱਗੇ ਵਧਾ ਦਿੱਤੀ ਗਈ।

ਯੂਨੀਅਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਖ਼ਿਲਾਫ਼ ਸੂਬੇ ਦੇ ਸਾਰੇ ਡਿਪੂਆਂ ਵਿੱਚ ਰੋਸ ਪ੍ਰਦਰਸ਼ਨ ਅਤੇ ਭੰਡੀ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ 24 ਤੋਂ 26 ਜੂਨ ਤੱਕ ਮੁਕੰਮਲ ਹੜਤਾਲ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਵੀ ਧਰਨਾ ਦਿੱਤਾ ਜਾਵੇਗਾ।