(ਅਮਿਤ ਨਖਵਾਲ) ਚੰਡੀਗੜ੍ਹ, 22 ਜੂਨ: ਪੰਜਾਬ ਸਰਕਾਰ ਦੀ ਅੱਜ ਇੱਕ ਅਹਿਮ ਕੈਬਨਿਟ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੀਟਿੰਗ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਅਤੇ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ। ਹਾਲਾਂਕਿ, ਇਸ ਸਬੰਧੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ।

ਸੂਤਰਾਂ ਮੁਤਾਬਕ, ਕੈਬਨਿਟ ਮੀਟਿੰਗ ਵਿੱਚ ਜੁਲਾਈ ਮਹੀਨੇ ਤੋਂ ਔਰਤਾਂ ਲਈ ਸ਼ੁਰੂ ਕੀਤੀ ਜਾਣ ਵਾਲੀ ‘ਮਾਵਾਂ-ਧੀਆਂ’ ਯੋਜਨਾ ਨੂੰ ਮਨਜ਼ੂਰੀ ਮਿਲ ਸਕਦੀ ਹੈ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਲਈ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਹੋਰ ਲੋਕ-ਹਿਤੈਸ਼ੀ ਮੁੱਦਿਆਂ ‘ਤੇ ਵੀ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

    ਦੂਜੇ ਪਾਸੇ, ਪੰਜਾਬ ਸਰਕਾਰ ਹੁਣ ਚੋਣੀ ਮਾਹੌਲ ਵੱਲ ਵਧਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਲਗਾਤਾਰ ਵੱਖ-ਵੱਖ ਹਲਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਰੈਲੀਆਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰ ਰਹੇ ਹਨ। ਉਹ ਲੋਕਾਂ ਤੋਂ ਫੀਡਬੈਕ ਅਤੇ ਸੁਝਾਅ ਵੀ ਲੈ ਰਹੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਮੰਤਰੀ ਮੰਡਲ ਨਾਲ ਚਰਚਾ ਕਰਕੇ ਨੀਤੀਗਤ ਫੈਸਲੇ ਕੀਤੇ ਜਾ ਰਹੇ ਹਨ।

    ਪਿਛਲੇ ਕੁਝ ਸਮੇਂ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ, ਜਿਨ੍ਹਾਂ ਨੂੰ ਜਨਤਾ ਨਾਲ ਸਿੱਧਾ ਜੁੜਾਅ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਅੱਜ ਦੀ ਕੈਬਨਿਟ ਮੀਟਿੰਗ ਤੋਂ ਵੀ ਲੋਕ-ਭਲਾਈ ਅਤੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਐਲਾਨ ਹੋਣ ਦੀ ਉਮੀਦ ਹੈ।