ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ, ਦਿਨ ਗਰਮ ਤੇ ਸਵੇਰ-ਰਾਤ ਹਲਕੀ ਠੰਢ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਵਾਯੂਮੰਡਲ ਵਿੱਚ ਨਮੀ ਦੀ ਮਾਤਰਾ ਘਟ ਰਹੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਵੀ ਘੱਟ ਦੱਸੀ ਜਾ ਰਹੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਆਮ ਦੇ ਨੇੜੇ ਹੀ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਬਠਿੰਡਾ 35.1 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ।

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਨੂੰ ਦਰਸਾਉਂਦੀ ਰੇਖਾ ਹੁਣ ਗੁਰਦਾਸਪੁਰ ਅਤੇ ਚੰਡੀਗੜ੍ਹ ਵਿਚੋਂ ਲੰਘ ਰਹੀ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ ਵਿੱਚ ਮਾਨਸੂਨ ਦੀ ਵਾਪਸੀ ਦਾ ਦੌਰ ਅੱਗੇ ਵਧ ਰਿਹਾ ਹੈ। ਇਸ ਕਾਰਨ ਪੰਜਾਬ ਵਿੱਚ ਮੀਂਹ ਪੈਣ ਦੀਆਂ ਗਤੀਵਿਧੀਆਂ ਵਿੱਚ ਕਾਫ਼ੀ ਕਮੀ ਆਈ ਹੈ।

ਸਾਫ਼ ਮੌਸਮ ਅਤੇ ਉੱਤਰ-ਪੱਛਮੀ ਹਵਾਵਾਂ ਕਾਰਨ ਅਗਲੇ ਦੋ ਦਿਨਾਂ ਦੌਰਾਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋ ਸਕਦਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਦਿਨ ਵੇਲੇ ਗਰਮੀ ਮਹਿਸੂਸ ਹੋਵੇਗੀ, ਜਦਕਿ ਸਵੇਰ ਅਤੇ ਰਾਤ ਦੇ ਸਮੇਂ ਹਲਕੀ ਠੰਢ ਦਾ ਅਹਿਸਾਸ ਹੋ ਸਕਦਾ ਹੈ।

ਮੌਸਮ ਵਿਭਾਗ ਵੱਲੋਂ 3 ਤੋਂ 9 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਵਿਸ਼ੇਸ਼ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਫਿਲਹਾਲ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 7-8 ਅਕਤੂਬਰ ਦੇ ਆਸ-ਪਾਸ ਇੱਕ ਮੌਸਮੀ ਪ੍ਰਣਾਲੀ ਦੇ ਪ੍ਰਭਾਵ ਕਾਰਨ ਕੁਝ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਬਣ ਸਕਦੀ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਅਜੇ ਪੱਕੀ ਭਵਿੱਖਬਾਣੀ ਨਹੀਂ ਕੀਤੀ ਗਈ।

ਉਧਰ, ਸ਼ਨੀਵਾਰ ਸਵੇਰੇ ਪੰਜਾਬ ਵਿੱਚ ਬਿਜਲੀ ਦੀ ਮੰਗ 10,064 ਮੈਗਾਵਾਟ ਦਰਜ ਕੀਤੀ ਗਈ। ਸੂਬੇ ਦੀ ਆਪਣੀ ਬਿਜਲੀ ਉਤਪਾਦਨ ਸਮਰੱਥਾ 5,416 ਮੈਗਾਵਾਟ ਰਹੀ, ਜਦਕਿ 4,651 ਮੈਗਾਵਾਟ ਬਿਜਲੀ ਕੇਂਦਰੀ ਪੂਲ ਅਤੇ ਹੋਰ ਸਰੋਤਾਂ ਤੋਂ ਲਈ ਗਈ।