Skip to content
13 ਜ਼ਿਲ੍ਹਿਆਂ ’ਚ ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦਾ ਖ਼ਦਸ਼ਾ; ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਦਕਿ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਰਾਤ ਸਮੇਂ ਗੜ੍ਹੇਮਾਰੀ ਵੀ ਹੋਈ। ਮੌਸਮ ਵਿਭਾਗ ਵੱਲੋਂ 15 ਅਕਤੂਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਚੰਡੀਗੜ੍ਹ ਸਥਿਤ ਮੌਸਮ ਵਿਭਾਗ ਕੇਂਦਰ ਅਨੁਸਾਰ, ਹਵਾਵਾਂ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ, ਜਦਕਿ ਕੁਝ ਇਲਾਕਿਆਂ ਵਿੱਚ ਇਹ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਸਬੰਧੀ ਚਿਤਾਵਨੀ ਦਿੱਤੀ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਤੇ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਸੰਗਰੂਰ ਵਿੱਚ ਤੇਜ਼ ਹਵਾਵਾਂ ਨਾਲ ਤੂਫ਼ਾਨ ਆਉਣ ਦਾ ਖ਼ਦਸ਼ਾ ਹੈ।
ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਕਾਰਨ ਦਰੱਖਤਾਂ, ਬਿਜਲੀ ਦੀਆਂ ਤਾਰਾਂ ਅਤੇ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ।
16 ਅਕਤੂਬਰ ਤੋਂ ਮੌਸਮ ਵਿੱਚ ਆ ਸਕਦੀ ਹੈ ਕਮੀ
ਮੌਸਮ ਵਿਭਾਗ ਮੁਤਾਬਕ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਦਾ ਮੁੱਖ ਕਾਰਨ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ-ਕਸ਼ਮੀਰ ਉੱਤੇ ਸਰਗਰਮ ਪੱਛਮੀ ਗੜਬੜੀ ਅਤੇ ਉੱਤਰੀ ਹਰਿਆਣਾ ਉੱਤੇ ਬਣਿਆ ਚੱਕਰਵਾਤੀ ਘੇਰਾ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਹੇਠ 15 ਅਕਤੂਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, 16 ਅਕਤੂਬਰ ਤੋਂ ਮੌਸਮੀ ਗਤੀਵਿਧੀਆਂ ਵਿੱਚ ਕਮੀ ਆਉਣ ਦੀ ਉਮੀਦ ਹੈ।
ਤਾਪਮਾਨ ਵਿੱਚ ਵੀ ਆਈ ਤਬਦੀਲੀ
ਬੁੱਧਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦਰਜ ਕੀਤੀ ਗਈ। ਮੌਸਮ ਵਿਭਾਗ ਦੀ 14 ਅਕਤੂਬਰ ਦੀ ਰਿਪੋਰਟ ਅਨੁਸਾਰ, ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿੱਚ 32.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਪੜ ਵਿੱਚ 15 ਅਕਤੂਬਰ ਨੂੰ ਵੱਧ ਤੋਂ ਵੱਧ ਤਾਪਮਾਨ 29.6 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ
ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਗੜ੍ਹੇਮਾਰੀ, ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਣ। ਲੋਕਾਂ ਨੂੰ ਵੀ ਤੂਫ਼ਾਨ ਦੌਰਾਨ ਸੁਰੱਖਿਅਤ ਥਾਵਾਂ ’ਤੇ ਰਹਿਣ ਅਤੇ ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਸਮੇਂ ਖੁੱਲ੍ਹੇ ਮੈਦਾਨਾਂ ਅਤੇ ਕਮਜ਼ੋਰ ਦਰੱਖਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
Related