ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਖੁਸ਼ਕ, 24 ਤੇ 25 ਅਕਤੂਬਰ ਨੂੰ ਬਦਲਾਅ ਦੀ ਸੰਭਾਵਨਾ

ਪੱਛਮੀ ਗੜਬੜੀ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਪੈ ਸਕਦਾ ਹੈ ਹਲਕਾ ਮੀਂਹ, ਬਠਿੰਡਾ ਵਿੱਚ ਸਭ ਤੋਂ ਵੱਧ 36.6 ਡਿਗਰੀ ਤਾਪਮਾਨ ਦਰਜ

ਚੰਡੀਗੜ੍ਹ, 23 ਅਕਤੂਬਰ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਮਾਨ ਮੁਤਾਬਕ ਅੱਜ ਸੂਬੇ ਵਿੱਚ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਹਾਲਾਂਕਿ, ਭਲਕੇ ਤੋਂ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਇਸ ਦੇ ਪ੍ਰਭਾਵ ਹੇਠ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਅਨੁਸਾਰ, ਇਹ ਮੌਸਮੀ ਬਦਲਾਅ ਮੁੱਖ ਤੌਰ ‘ਤੇ 24 ਅਤੇ 25 ਅਕਤੂਬਰ ਨੂੰ ਦੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ ਪੰਜਾਬ ਦੇ ਕੁਝ ਚੋਣਵੇਂ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 26 ਅਕਤੂਬਰ ਨੂੰ ਮੌਸਮ ਦੇ ਮੁੜ ਖੁਸ਼ਕ ਹੋਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਮਾਮੂਲੀ ਗਿਰਾਵਟ

ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਪੰਜਾਬ ਵਿੱਚ ਗਰਮੀ ਦਾ ਅਸਰ ਬਰਕਰਾਰ ਹੈ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਉੱਤਰੀ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸਮੁੰਦਰੀ ਤਲ ਤੋਂ ਲਗਭਗ 1.5 ਕਿਲੋਮੀਟਰ ਦੀ ਉਚਾਈ ‘ਤੇ ਇੱਕ ਚੱਕਰਵਾਤੀ ਘੇਰਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਭਲਕੇ ਤੋਂ ਇੱਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੌਸਮ ਬਦਲ ਸਕਦਾ ਹੈ।

ਬਿਜਲੀ ਦੀ ਮੰਗ ਵਿੱਚ ਆਉਣ ਲੱਗੀ ਕਮੀ

ਸੂਬੇ ਵਿੱਚ ਮੌਸਮ ਦੇ ਹੌਲੀ-ਹੌਲੀ ਠੰਢਾ ਹੋਣ ਨਾਲ ਬਿਜਲੀ ਦੀ ਮੰਗ ਵਿੱਚ ਵੀ ਕਮੀ ਆਉਣੀ ਸ਼ੁਰੂ ਹੋ ਗਈ ਹੈ। ਅੱਜ ਸਵੇਰੇ 6 ਵਜੇ ਪੰਜਾਬ ਵਿੱਚ ਬਿਜਲੀ ਦੀ ਮੰਗ 6,420 ਮੈਗਾਵਾਟ ਦਰਜ ਕੀਤੀ ਗਈ। ਮੌਸਮ ਵਿੱਚ ਤਬਦੀਲੀ ਅਤੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੀ ਮੰਗ ਹੋਰ ਘਟਣ ਦੀ ਸੰਭਾਵਨਾ ਹੈ।