ਪੰਜਾਬ ਅਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼, 28 ਤੋਂ 30 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ

ਮੀਂਹ ਤੇ ਤੇਜ਼ ਹਵਾਵਾਂ ਨਾਲ ਵਧੇਗੀ ਠੰਢ, ਬਠਿੰਡਾ ’ਚ ਸਭ ਤੋਂ ਵੱਧ 32.2 ਡਿਗਰੀ ਤਾਪਮਾਨ ਦਰਜ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸਵੇਰ ਅਤੇ ਰਾਤ ਦੇ ਸਮੇਂ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ, ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਤਾਪਮਾਨ ਆਮ ਦੇ ਨੇੜੇ-ਤੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 32.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ, ਉੱਤਰੀ ਪਾਕਿਸਤਾਨ ਵਿੱਚ ਪੈਦਾ ਹੋਈ ਪੱਛਮੀ ਗੜਬੜੀ ਇਸ ਸਮੇਂ ਉੱਤਰੀ ਹਰਿਆਣਾ ਉੱਪਰ ਸਰਗਰਮ ਹੈ। ਇਸ ਤੋਂ ਇਲਾਵਾ ਉੱਤਰੀ ਰਾਜਸਥਾਨ ਅਤੇ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੱਕ ਚੱਕਰਵਾਤੀ ਘੇਰਾ ਵੀ ਬਣਿਆ ਹੋਇਆ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ।

28 ਤੋਂ 30 ਅਕਤੂਬਰ ਤੱਕ ਮੀਂਹ ਪੈਣ ਦੇ ਆਸਾਰ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, 28 ਤੋਂ 30 ਅਕਤੂਬਰ ਦੇ ਵਿਚਕਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 29 ਅਤੇ 30 ਅਕਤੂਬਰ ਨੂੰ ਕੁਝ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਵਿੱਚ ਆਰਜ਼ੀ ਤਬਦੀਲੀ ਆ ਸਕਦੀ ਹੈ। ਇਸ ਤੋਂ ਬਾਅਦ ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਠੰਢ ਹੋਰ ਵਧਣ ਦੇ ਆਸਾਰ ਹਨ। ਹਾਲਾਂਕਿ, ਮੌਸਮ ਵਿਭਾਗ ਵੱਲੋਂ ਤਾਪਮਾਨ ਵਿੱਚ ਹੋਣ ਵਾਲੀ ਗਿਰਾਵਟ ਦੀ ਸਹੀ ਮਾਤਰਾ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਨਵੰਬਰ ਵਿੱਚ ਵਧੇਗੀ ਠੰਢ

ਮੌਸਮ ਦੇ ਮੌਜੂਦਾ ਰੁਝਾਨਾਂ ਅਨੁਸਾਰ ਨਵੰਬਰ ਮਹੀਨੇ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੌਸਮ ਦੀਆਂ ਤਬਦੀਲੀਆਂ ਅਤੇ ਤਾਪਮਾਨ ਸਬੰਧੀ ਭਵਿੱਖਬਾਣੀਆਂ ’ਤੇ ਨਜ਼ਰ ਰੱਖਣੀ ਜ਼ਰੂਰੀ ਹੋਵੇਗੀ।