
Skip to content

ਪੰਜਾਬ ਵਿੱਚ ਮੌਸਮ ਖੁਸ਼ਕ, ਤਾਪਮਾਨ ਵਧਿਆ; 8 ਅਕਤੂਬਰ ਤੱਕ ਮੀਂਹ ਦੀ ਸੰਭਾਵਨਾ ਨਹੀਂ
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਵੇਲੇ ਤੇਜ਼ ਧੁੱਪ ਕਾਰਨ ਮੌਸਮ ਖੁਸ਼ਕ ਬਣਿਆ ਹੋਇਆ ਹੈ। ਇਸ ਦੇ ਚੱਲਦਿਆਂ ਦਿਨ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਚੱਲ ਰਹੀਆਂ ਹਵਾਵਾਂ ਕਾਰਨ ਗਰਮੀ ਦਾ ਅਹਿਸਾਸ ਕੁਝ ਘੱਟ ਰਹੇਗਾ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ 2 ਅਕਤੂਬਰ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮਾਨਸੂਨ ਦੀ ਵਾਪਸੀ ਜਾਰੀ
ਮਾਨਸੂਨ ਦਾ ਸੀਜ਼ਨ 30 ਸਤੰਬਰ ਨੂੰ ਸਮਾਪਤ ਹੋ ਚੁੱਕਾ ਹੈ, ਪਰ ਪੰਜਾਬ ਤੋਂ ਮਾਨਸੂਨ ਦੀ ਅਧਿਕਾਰਤ ਵਾਪਸੀ ਅਜੇ ਪੂਰੀ ਨਹੀਂ ਹੋਈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੀ ਵਾਪਸੀ ਦੀ ਰੇਖਾ ਇਸ ਸਮੇਂ ਗੁਰਦਾਸਪੁਰ ਅਤੇ ਚੰਡੀਗੜ੍ਹ ਵਿੱਚੋਂ ਲੰਘ ਰਹੀ ਹੈ। ਆਉਣ ਵਾਲੇ 48 ਘੰਟਿਆਂ ਦੌਰਾਨ ਪੰਜਾਬ ਦੇ ਬਾਕੀ ਹਿੱਸਿਆਂ ਤੋਂ ਵੀ ਮਾਨਸੂਨ ਦੀ ਵਾਪਸੀ ਲਈ ਹਾਲਾਤ ਅਨੁਕੂਲ ਰਹਿਣ ਦੀ ਸੰਭਾਵਨਾ ਹੈ।
ਅਗਲੇ ਹਫ਼ਤੇ ਮੀਂਹ ਦੇ ਆਸਾਰ ਨਹੀਂ
ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਬਣਿਆ ਹੋਇਆ ਹੈ, ਪਰ ਇਸ ਦਾ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ’ਤੇ ਕੋਈ ਖਾਸ ਅਸਰ ਪੈਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦੀ 2 ਅਕਤੂਬਰ ਦੀ ਜਾਣਕਾਰੀ ਮੁਤਾਬਕ 8 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਅਗਲੇ ਹਫ਼ਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਅਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਬਾਕੀ ਇਲਾਕਿਆਂ ਵਿੱਚ ਇਹ 34 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਥੋੜ੍ਹਾ ਵੱਧ ਰਹਿ ਸਕਦਾ ਹੈ।

Related