ਮੋਰਿੰਡਾ ‘ਚ ਚੰਨੀ ਦੇ ਘਰ ਕਾਂਗਰਸੀ ਆਗੂਆਂ ਦਾ ਇਕੱਠ, ਭੂਪੇਸ਼ ਬਘੇਲ ਦੀ ਆਮਦ ਤੋਂ ਪਹਿਲਾਂ ਵਧੀ ਸਿਆਸੀ ਸਰਗਰਮੀ

ਮੋਰਿੰਡਾ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਪਾਰਟੀ ਦੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਨਿਵਾਸ ‘ਤੇ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਨੇ ਸੂਬੇ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ।

ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਚਰਨਜੀਤ ਸਿੰਘ ਚੰਨੀ ਨਾਲ ਇੱਕ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੀ ਨਜ਼ਰ ਆ ਰਹੇ ਹਨ। ਇਸ ਤਸਵੀਰ ਦੀ ਕੈਪਸ਼ਨ ‘ਏਕੇ ਵਿੱਚ ਬਰਕਤ ਹੈ’ ਰੱਖੀ ਗਈ। ਧਿਆਨਯੋਗ ਗੱਲ ਇਹ ਰਹੀ ਕਿ ਇਸ ਤਸਵੀਰ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਨਹੀਂ ਸਨ। ਬਾਅਦ ਵਿੱਚ ਚੰਨੀ ਨੇ ਵੀ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤੇ ‘ਤੇ ਸਾਂਝੀ ਕੀਤੀ।

ਦੂਜੇ ਪਾਸੇ ਪਟਿਆਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਬਿਨਾਂ ਕਿਸੇ ਦਾ ਨਾਮ ਲਏ ਪਾਰਟੀ ਦੇ ਆਗੂਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਲੋਕਤੰਤਰ, ਸੰਵਿਧਾਨ, ਪੰਜਾਬ ਅਤੇ ਦੇਸ਼ ਦੇ ਹਿੱਤਾਂ ਲਈ ਕਾਂਗਰਸੀ ਆਗੂਆਂ ਨੂੰ ਤਿਆਗ ਅਤੇ ਕੁਰਬਾਨੀ ਦੀ ਭਾਵਨਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਬਿਆਨ ਨੂੰ ਚੰਨੀ ਅਤੇ ਰਾਜਾ ਵੜਿੰਗ ਵਿਚਾਲੇ ਚੱਲ ਰਹੇ ਵਿਵਾਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਦੀ ਅਗਵਾਈ ਵਿੱਚ ਬਦਲਾਅ ਦੀ ਮੰਗ ‘ਤੇ ਅਜੇ ਵੀ ਕਾਇਮ ਹਨ। ਦੱਸਿਆ ਜਾ ਰਿਹਾ ਹੈ ਕਿ ਇਸੇ ਮਕਸਦ ਨਾਲ ਉਨ੍ਹਾਂ ਨੇ ਮੋਰਿੰਡਾ ਵਿਖੇ ਆਪਣੇ ਨਿਵਾਸ ‘ਤੇ ਕਰੀਬ 50 ਕਾਂਗਰਸੀ ਆਗੂਆਂ ਨਾਲ ਮੀਟਿੰਗ ਵੀ ਕੀਤੀ।

ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਲਗਾਤਾਰ ਪਾਰਟੀ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਧੜੇ ਨਾਲ ਜੁੜੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਵੀ ਕਾਂਗਰਸ ਹਾਈਕਮਾਂਡ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਪੰਜਾਬ ਲਈ ਮਜ਼ਬੂਤ ਪ੍ਰਧਾਨ ਨਿਯੁਕਤ ਕਰਨ ਦੀ ਸਲਾਹ ਦਿੱਤੀ ਹੈ।

ਇਸ ਵਧਦੇ ਸਿਆਸੀ ਘਮਾਸਾਨ ਨੂੰ ਸੁਲਝਾਉਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਚੰਡੀਗੜ੍ਹ ਪਹੁੰਚ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ ਅਤੇ ਹੋਰ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਪਾਰਟੀ ਅੰਦਰ ਚੱਲ ਰਹੇ ਮਤਭੇਦਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਨਗੇ।