ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਸਥਾਨਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇਸ਼-ਵਿਦੇਸ਼ ਵਿੱਚ ਵੱਸਦੇ ਲੱਖਾਂ ਸ਼ਰਧਾਲੂਆਂ ਦੀ ਡੂੰਘੀ ਆਸਥਾ ਦਾ ਕੇਂਦਰ ਹੈ। ਹਰ ਸਾਲ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਅਤੇ ਸੁਭਾਗ ਦੀ ਗੱਲ ਹੈ।
ਇਸ ਮੌਕੇ ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਚੇਅਰਮੈਨ ਸ਼ੀਤਲ ਵਿੱਜ ਵੀ ਮੌਜੂਦ ਸਨ। ਰਾਜਪਾਲ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਪਸੀ ਪ੍ਰੇਮ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਇਕਜੁੱਟਤਾ ਅਤੇ ਸਰਗਰਮ ਭਾਗੀਦਾਰੀ ਨਾਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕੇ।


