ਪੰਜਾਬ ਅਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਅਤੇ ਕੁਝ ਥਾਵਾਂ ’ਤੇ ਬਿਜਲੀ ਦੀ ਗਰਜ ਨਾਲ ਮੀਂਹ ਪੈ ਸਕਦਾ ਹੈ।

ਮੀਂਹ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਮਾਨਸੂਨ ਦੀ ਟਰੱਫ ਇਸ ਸਮੇਂ ਫਿਰੋਜ਼ਪੁਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚੋਂ ਲੰਘ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮੀ ਗਤੀਵਿਧੀਆਂ ਜਾਰੀ ਹਨ। ਕਈ ਇਲਾਕਿਆਂ ਵਿੱਚ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਕੁਝ ਥਾਵਾਂ ’ਤੇ ਬਿਜਲੀ ਦੀ ਗਰਜ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ 19 ਅਗਸਤ ਨੂੰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਰੋਪੜ ਕੇਵੀਕੇ ਵਿੱਚ ਸਭ ਤੋਂ ਵੱਧ 8.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਭਾਖੜਾ ਡੈਮ ਵਿੱਚ 4.0 ਮਿਲੀਮੀਟਰ, ਲੁਧਿਆਣਾ ਵਿੱਚ 3.4 ਮਿਲੀਮੀਟਰ ਅਤੇ ਪਠਾਨਕੋਟ ਕੇਵੀਕੇ ਵਿੱਚ 3.0 ਮਿਲੀਮੀਟਰ ਬਾਰਿਸ਼ ਹੋਈ। ਚੰਡੀਗੜ੍ਹ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਹਾਲਾਂਕਿ ਫਿਰੋਜ਼ਪੁਰ, ਅੰਮ੍ਰਿਤਸਰ, ਪਟਿਆਲਾ, ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਵਿੱਚ ਇਸ ਸਮੇਂ ਦੌਰਾਨ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ।