ਪੰਜਾਬ ਵਿੱਚ ਅਗਲੇ 5 ਦਿਨ ਮੌਸਮ ਰਹੇਗਾ ਸਥਿਰ, ਪਠਾਨਕੋਟ ਤੇ ਹੁਸ਼ਿਆਰਪੁਰ ’ਚ ਹਲਕੀ ਬਾਰਿਸ਼ ਦੀ ਸੰਭਾਵਨਾ
ਸਵੇਰੇ ਤੇ ਰਾਤ ਨੂੰ ਪਵੇਗੀ ਹਲਕੀ ਤੋਂ ਦਰਮਿਆਨੀ ਧੁੰਦ, ਤਾਪਮਾਨ ’ਚ ਵੱਡੀ ਤਬਦੀਲੀ ਦੇ ਆਸਾਰ ਨਹੀਂ
ਪੰਜਾਬ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਸਥਿਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਵੇਗਾ। ਹਾਲਾਂਕਿ, ਅੱਜ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਰਾਤ ਅਤੇ ਸਵੇਰ ਸਮੇਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਵੀ ਸੰਭਾਵਨਾ ਜਤਾਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕਿਤੇ ਵੀ ਮੀਂਹ ਦਰਜ ਨਹੀਂ ਕੀਤਾ ਗਿਆ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 1.8 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 33.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਕਸ਼ਮੀਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ। ਇਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ। ਲੋਕਾਂ ਨੂੰ ਸਵੇਰੇ ਅਤੇ ਰਾਤ ਸਮੇਂ ਧੁੰਦ ਕਾਰਨ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।
