
Skip to content

ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜਲੰਧਰ ਦੇ ਵਾਰਡ ਨੰਬਰ 35, ਬੂਟਾ ਪਿੰਡ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਏ.ਡੀ.ਸੀ.ਪੀ. ਸਿਟੀ-1 ਮਾਧਵੀ ਸ਼ਰਮਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਸ਼ੈਂਕੀ ਭਗਤ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ.ਪੀ. ਸਿਟੀ-1 ਮਾਧਵੀ ਸ਼ਰਮਾ ਨੇ ਕਿਹਾ ਕਿ ਪੁਲਿਸ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਗੰਭੀਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਲਈ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਨਸ਼ਿਆਂ ਦੀ ਤਸਕਰੀ ਜਾਂ ਇਸ ਨਾਲ ਸਬੰਧਤ ਕਿਸੇ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸ਼ੈਂਕੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਨਿਰਣਾਇਕ ਲੜਾਈ ਲੜ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ।
ਸੈਮੀਨਾਰ ਦੌਰਾਨ ਮੌਜੂਦ ਲੋਕਾਂ ਨੇ ਪੰਜਾਬ ਸਰਕਾਰ, ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਲੋਕਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Related