ਪੰਜਾਬ ਵਿੱਚ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਜ਼ ਯੂਨੀਅਨ ਵੱਲੋਂ 25, 26 ਅਤੇ 27 ਮਈ ਨੂੰ ਐਲਾਨੀ ਤਿੰਨ ਦਿਨਾਂ ਹੜਤਾਲ ਅਤੇ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਟਰਾਂਸਪੋਰਟ ਮੰਤਰੀ ਅਤੇ ਵਿੱਤ ਮੰਤਰੀ ਨਾਲ 2 ਜੂਨ ਨੂੰ ਹੋਣ ਵਾਲੀ ਪੈਨਲ ਮੀਟਿੰਗ ਤੈਅ ਹੋਣ ਤੋਂ ਬਾਅਦ ਲਿਆ ਗਿਆ।

ਯੂਨੀਅਨ ਅਨੁਸਾਰ ਮੀਟਿੰਗ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਥਾ ਖਤਮ ਕਰਨ, ਸਮਾਨ ਕੰਮ ਲਈ ਸਮਾਨ ਤਨਖਾਹ ਲਾਗੂ ਕਰਨ ਅਤੇ ਪਹਿਲਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਕਿਲੋਮੀਟਰ ਸਕੀਮ ਹੇਠ ਚੱਲ ਰਹੀਆਂ ਨਿੱਜੀ ਬੱਸਾਂ ਬੰਦ ਕਰਕੇ ਵਿਭਾਗ ਦੀਆਂ ਆਪਣੀਆਂ ਬੱਸਾਂ ਚਲਾਉਣ ਦੀ ਮੰਗ ਵੀ ਉਠਾਈ ਜਾਵੇਗੀ।

ਯੂਨੀਅਨ ਨੇ ਇਹ ਵੀ ਕਿਹਾ ਕਿ ਅੰਦੋਲਨ ਦੌਰਾਨ ਦਰਜ ਮਾਮਲਿਆਂ ਨੂੰ ਰੱਦ ਕਰਨ ਅਤੇ ਪਿਛਲੇ 6 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਲਈ ਸਰਕਾਰ ਨਾਲ ਗੱਲਬਾਤ ਜਾਰੀ ਹੈ। ਜਥੇਬੰਦੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 2 ਜੂਨ ਦੀ ਮੀਟਿੰਗ ਵਿੱਚ ਮੰਗਾਂ ਦਾ ਸੰਤੋਸ਼ਜਨਕ ਹੱਲ ਨਾ ਨਿਕਲਿਆ ਜਾਂ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਮੀਟਿੰਗ ਤੋਂ ਤੁਰੰਤ ਬਾਅਦ ਮੁੜ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।