ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ! 22 ਤੋਂ 24 ਜੂਨ ਤੱਕ ਮੁਕੰਮਲ ਹੜਤਾਲ ਦਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਯੂਨੀਅਨ ਨੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਿਭਾਗ ਦੇ ਨਿੱਜੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ।

ਯੂਨੀਅਨ ਨੇ ਕਿਹਾ ਕਿ 10 ਜੂਨ ਨੂੰ ਪੰਜਾਬ ਦੇ ਸਮੂਹ ਡਿਪੂਆਂ ‘ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ, ਜਦਕਿ 22, 23 ਅਤੇ 24 ਜੂਨ 2026 ਨੂੰ ਮੁਕੰਮਲ ਹੜਤਾਲ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਕਿਲੋਮੀਟਰ ਸਕੀਮ ਤਹਿਤ ਨਵੀਆਂ ਬੱਸਾਂ ਨੂੰ ਝੰਡੀ ਦਿੱਤੀ ਗਈ ਤਾਂ ਕਾਲੇ ਝੰਡਿਆਂ ਨਾਲ ਵਿਰੋਧ ਅਤੇ ਹੜਤਾਲ ਹੋਰ ਤੇਜ਼ ਕੀਤੀ ਜਾਵੇਗੀ।

ਯੂਨੀਅਨ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਜੇਲ੍ਹਾਂ ਵਿੱਚ ਬੰਦ ਸਾਥੀਆਂ ਦੀ ਰਿਹਾਈ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੋਕਣ ਦੀ ਮੰਗ ਦੁਹਰਾਈ ਹੈ। ਇਸ ਐਲਾਨ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਰਕਾਰੀ ਬੱਸ ਸੇਵਾ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ।