
Skip to content

ਲੁਧਿਆਣਾ (ਅਰਸ਼ਦੀਪ ਸਿੰਘ ਕਾਲੜਾ) :- ਸੋਸ਼ਲ ਮੀਡੀਆ ‘ਤੇ ਸਰਗਰਮ ਇਨਫਲੂਐਂਸਰ ਰਣਜੀਤ ਕੌਰ ਉਰਫ਼ ‘ਭਾਬੀ ਚੁੰਮੇਵਾਲੀ’ ਅਤੇ ਉਨ੍ਹਾਂ ਦੇ ਪਤੀ ਜਿੰਦਾ ਹੰਸ ਖ਼ਿਲਾਫ਼ ਪੁਲਿਸ ਨੇ ਆਈਟੀ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਇਹ ਕਾਰਵਾਈ ਨਿਹੰਗ ਸੰਗਠਨ ਨਾਲ ਜੁੜੇ ਮਨਪ੍ਰੀਤ ਸਿੰਘ ਖਾਲਸਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰਣਜੀਤ ਕੌਰ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ‘ਤੇ ਅਜਿਹੀਆਂ ਵੀਡੀਓਜ਼ ਸਾਂਝੀਆਂ ਕਰ ਰਹੀ ਹੈ, ਜਿਨ੍ਹਾਂ ਦੀ ਭਾਸ਼ਾ, ਹਾਵ-ਭਾਵ ਅਤੇ ਪਹਿਰਾਵੇ ‘ਤੇ ਇਤਰਾਜ਼ ਜਤਾਇਆ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦਾ ਕੰਟੈਂਟ ਸਮਾਜ, ਖ਼ਾਸ ਕਰਕੇ ਬੱਚਿਆਂ ‘ਤੇ ਗਲਤ ਪ੍ਰਭਾਵ ਪਾ ਰਿਹਾ ਹੈ। ਇਸ ਤੋਂ ਇਲਾਵਾ ਇਹ ਵੀ ਦੋਸ਼ ਹੈ ਕਿ ਕੁਝ ਵੀਡੀਓਜ਼ ਵਿੱਚ ਪੁਲਿਸ ਅਧਿਕਾਰੀਆਂ ਦਾ ਨਾਮ ਲੈ ਕੇ ਇਹ ਪ੍ਰਭਾਵ ਦਿੱਤਾ ਗਿਆ ਕਿ ਉਨ੍ਹਾਂ ਨੂੰ ਅਜਿਹਾ ਕੰਟੈਂਟ ਪੋਸਟ ਕਰਨ ਦੀ ਮਨਜ਼ੂਰੀ ਹੈ, ਜੋ ਕਿ ਗਲਤ ਅਤੇ ਭਰਮਕ ਹੈ।
ਐਫਆਈਆਰ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਬਿਨਾਂ ਮਨਜ਼ੂਰੀ ਘਰ ਵਿੱਚ ਸ਼ਿਵਲਿੰਗ ਸਥਾਪਿਤ ਕਰਕੇ ਉਸ ਦੀ ਮਰਿਆਦਾ ਭੰਗ ਕੀਤੀ ਗਈ, ਜਿਸ ਨਾਲ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੁਲਿਸ ਨੇ ਆਈਟੀ ਐਕਟ ਦੀ ਧਾਰਾ 67 ਅਤੇ 67(ਏ) ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੋਤੀ ਨਗਰ ਦੇ ਐੱਸਐੱਚਓ ਭੂਪਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਰਣਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਖੁਦ ਆਪਣੇ ਨਾਲ ਹੋ ਰਹੀ ਕਥਿਤ ਪਰੇਸ਼ਾਨੀ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਚੁੱਕੇ ਹਨ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸ਼ਿਕਾਇਤਕਰਤਾ ਖ਼ਿਲਾਫ਼ ਉਨ੍ਹਾਂ ਕੋਲ ਸਬੂਤ ਮੌਜੂਦ ਹਨ, ਜੋ ਸਮਾਂ ਆਉਣ ‘ਤੇ ਸਾਹਮਣੇ ਲਿਆਂਦੇ ਜਾਣਗੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਿਹੰਗ ਜਥੇਬੰਦੀਆਂ ਵੱਲੋਂ ਰਣਜੀਤ ਕੌਰ ਦੇ ਘਰ ਦੇ ਬਾਹਰ ਜਾ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਸੀ, ਜਿਸ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਸੀ।
ਰਣਜੀਤ ਕੌਰ ਨੇ ਕੋਰੋਨਾ ਕਾਲ ਦੌਰਾਨ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾਉਣ ਦੀ ਸ਼ੁਰੂਆਤ ਕੀਤੀ ਸੀ। ‘ਭਾਬੀ ਚੁੰਮੇਵਾਲੀ’ ਦੇ ਨਾਮ ਨਾਲ ਉਨ੍ਹਾਂ ਨੂੰ ਵੱਡੀ ਪਛਾਣ ਮਿਲੀ ਅਤੇ ਬਾਅਦ ਵਿੱਚ ਉਹ ਪੰਜਾਬੀ ਫ਼ਿਲਮ ‘ਜੱਟ ਐਂਡ ਜੂਲੀਅਟ 3’ ਵਿੱਚ ਵੀ ਇੱਕ ਛੋਟੀ ਭੂਮਿਕਾ ਵਿੱਚ ਨਜ਼ਰ ਆਈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਦੀ ਰਿਪੋਰਟ ਤੋਂ ਬਾਅਦ ਹੀ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ।

Related