ਪੰਜਾਬ ਯੂਨੀਵਰਸਿਟੀ ਸ਼ਹੀਦ ਊਧਮ ਸਿੰਘ ਕਾਲਜ ਵਿੱਚ ‘ਮਿਸ਼ਨ ਸਫ਼ਰ-ਏ-ਇਨਕਲਾਬ’ ਤਹਿਤ ਪੇਂਟਿੰਗ ਮੁਕਾਬਲਾ ਤੇ ਜਾਗਰੂਕਤਾ ਕੈਂਪ

ਗੁਰੂ ਹਰਸਹਾਏ/ਫਿਰੋਜ਼ਪੁਰ (ਜਤਿੰਦਰ ਪਿੰਕਲ) : ਮੇਰਾ ਪਰਿਵਾਰ ਵੈਲਫ਼ੇਅਰ ਸੋਸਾਇਟੀ ਵੱਲੋਂ ਪੰਜਾਬ ਯੂਨੀਵਰਸਿਟੀ ਸ਼ਹੀਦ ਊਧਮ ਸਿੰਘ ਕੰਸਟਿਟਿਊਟ ਕਾਲਜ ਵਿਖੇ ਪ੍ਰਿੰਸੀਪਲ ਡਾ. ਸੁਨੀਲ ਖੋਸਲਾ ਦੀ ਰਹਿਨੁਮਾਈ ਹੇਠ ‘ਮਿਸ਼ਨ ਸਫ਼ਰ-ਏ-ਇਨਕਲਾਬ’ ਤਹਿਤ ਪੇਂਟਿੰਗ ਮੁਕਾਬਲਾ ਅਤੇ ਜਾਗਰੂਕਤਾ ਕੈਂਪ ਕਰਵਾਇਆ ਗਿਆ। ਪੇਂਟਿੰਗ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲੈਂਦਿਆਂ ਨਸ਼ਿਆਂ ਖ਼ਿਲਾਫ਼ ਆਪਣੇ ਵਿਚਾਰਾਂ ਨੂੰ ਰੰਗਾਂ ਰਾਹੀਂ ਪੇਸ਼ ਕੀਤਾ।

ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਹਰੇਕ ਵਿਦਿਆਰਥੀ ਨੂੰ ਵੀ ਸੰਸਥਾ ਵੱਲੋਂ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਅਵੇਅਰਨੈੱਸ ਕੈਂਪ ਲਗਾਇਆ ਗਿਆ, ਜਿਸ ਵਿੱਚ ਫੂਡ ਸੇਫਟੀ ਅਫ਼ਸਰ ਸ੍ਰੀ ਅਭਿਨਵ ਖੋਸਲਾ ਮੁੱਖ ਤੌਰ ’ਤੇ ਸ਼ਾਮਲ ਹੋਏ। ਮੇਰਾ ਪਰਿਵਾਰ ਵੈਲਫ਼ੇਅਰ ਸੋਸਾਇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ ਸ੍ਰੀ ਅਭਿਨਵ ਖੋਸਲਾ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਵਰਤੋਂ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟ, ਫਾਸਟ ਫੂਡ ਦੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਪੈਕਿੰਗ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਕਰਨ ਵਾਲਿਆਂ ਖ਼ਿਲਾਫ਼ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ।

ਪ੍ਰਿੰਸੀਪਲ ਡਾ. ਸੁਨੀਲ ਖੋਸਲਾ ਨੇ ਮੇਰਾ ਪਰਿਵਾਰ ਵੈਲਫ਼ੇਅਰ ਸੋਸਾਇਟੀ ਦੀ ਟੀਮ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਨੂੰ ‘ਮਿਸ਼ਨ ਸਫ਼ਰ-ਏ-ਇਨਕਲਾਬ’ ਦਾ ਹਿੱਸਾ ਬਣ ਕੇ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਚੰਗੇ ਅਤੇ ਸੁਰੱਖਿਅਤ ਭਵਿੱਖ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਅਤੇ ਕਾਲਜ ਪ੍ਰਬੰਧਨ ਵੱਲੋਂ ਅਜਿਹੀਆਂ ਗਤੀਵਿਧੀਆਂ ਨੂੰ ਹਮੇਸ਼ਾ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਮੇਰਾ ਪਰਿਵਾਰ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਸੰਦੀਪ ਕੁਮਾਰ ਕੰਬੋਜ਼ ਅਤੇ ਮੀਡੀਆ ਸਕੱਤਰ ਸਤਪਾਲ ਥਿੰਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮਿਸ਼ਨ ਸਫ਼ਰ-ਏ-ਇਨਕਲਾਬ’ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਬਣਾਈਆਂ ਪੇਂਟਿੰਗਾਂ ਦੇਖ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਅਤੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਕੇ ਨਸ਼ਿਆਂ ਦੀ ਚੇਨ ਨੂੰ ਤੋੜਨ ਵਿੱਚ ਮਦਦ ਮਿਲ ਸਕਦੀ ਹੈ।

ਉਨ੍ਹਾਂ ਫੂਡ ਸੇਫਟੀ ਅਫ਼ਸਰ ਅਭਿਨਵ ਖੋਸਲਾ, ਪ੍ਰਿੰਸੀਪਲ ਡਾ. ਸੁਨੀਲ ਖੋਸਲਾ ਅਤੇ ਸਮੂਹ ਕਾਲਜ ਮੈਨੇਜਮੈਂਟ ਦਾ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਸੰਸਥਾ ਵੱਲੋਂ ਸਮਾਜਿਕ ਜਾਗਰੂਕਤਾ ਦੇ ਉਪਰਾਲੇ ਜਾਰੀ ਰੱਖੇ ਜਾਣਗੇ।

ਇਸ ਮੌਕੇ ਡਾ. ਨਵਜੋਤ, ਡਾ. ਸਤਵਿੰਦਰ ਅਤੇ ਸਮੂਹ ਸਟਾਫ ਤੋਂ ਇਲਾਵਾ ਮੇਰਾ ਪਰਿਵਾਰ ਵੈਲਫ਼ੇਅਰ ਸੋਸਾਇਟੀ ਦੇ ਮੈਂਬਰ ਕਮਲ ਪ੍ਰੀਤ ਕੌਰ, ਰਜਨੀ ਕੰਬੋਜ਼, ਅਭੀ ਕਮਰਾ, ਸੁਨੀਲ ਕੁਮਾਰ, ਰਜਿੰਦਰ ਕੰਬੋਜ, ਅੰਮ੍ਰਿਤ ਸਿੰਘ, ਗੋਬਿੰਦ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਰਿਪੋਰਟਰ: ਜਤਿੰਦਰ ਪਿੰਕਲ, ਗੁਰੂ ਹਰਸਹਾਏ (ਫਿਰੋਜ਼ਪੁਰ)