ਪੰਜਾਬ ਵਿੱਚ ਅੱਜ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ ਹੈ। ਸਵੇਰੇ 8 ਵਜੇ ਸ਼ੁਰੂ ਹੋਇਆ ਮਤਦਾਨ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਚੋਣ ਪ੍ਰਕਿਰਿਆ ਵਿੱਚ ਸੂਬੇ ਭਰ ਦੇ ਕਰੀਬ 36.73 ਲੱਖ ਵੋਟਰ ਆਪਣੇ ਮਤਾਧਿਕਾਰ ਦਾ ਇਸਤੇਮਾਲ ਕਰਨਗੇ, ਜਦਕਿ 7,555 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਲਗਭਗ 35 ਹਜ਼ਾਰ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

ਮਤਦਾਨ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਅੱਜ ਸ਼ਰਾਬ ਦੀ ਵਿਕਰੀ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਚੋਣਾਂ ਦੌਰਾਨ ਬਠਿੰਡਾ, ਅਬੋਹਰ, ਬਟਾਲਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਨਗਰ ਨਿਗਮਾਂ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੀ ਇਕੱਠੇ ਚੋਣਾਂ ਹੋ ਰਹੀਆਂ ਹਨ।

ਖਾਸ ਗੱਲ ਇਹ ਹੈ ਕਿ ਇਸ ਵਾਰ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ, ਜਿਸ ਕਾਰਨ ਵੋਟਿੰਗ ਕੇਂਦਰਾਂ ‘ਤੇ ਸੁਰੱਖਿਆ ਅਤੇ ਨਿਗਰਾਨੀ ਹੋਰ ਵਧਾ ਦਿੱਤੀ ਗਈ ਹੈ।

ਲੁਧਿਆਣਾ ਦੇ ਰਾਏਕੋਟ ਵਿੱਚ ਵੋਟਿੰਗ ਦੌਰਾਨ ਹਿੰਸਕ ਝੜਪ, ਕਾਂਗਰਸੀ ਉਮੀਦਵਾਰ ਗੰਭੀਰ ਜ਼ਖ਼ਮੀ

ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਲੁਧਿਆਣਾ ਦੇ ਰਾਏਕੋਟ ਤੋਂ ਹਿੰਸਕ ਝੜਪ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਕਾਰਕੁਨਾਂ ਵਿਚਾਲੇ ਤਿੱਖੀ ਝੜਪ ਹੋ ਗਈ। ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਵਾਰਡ ਨੰਬਰ-4 ਤੋਂ ਉਮੀਦਵਾਰ ਜਗਦੇਵ ਸਿੰਘ ਜੱਗਾ ’ਤੇ AAP ਵਿਧਾਇਕ ਹਾਕਮ ਠੇਕੇਦਾਰ ਦੇ ਸਮਰਥਕਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ।

ਹਮਲੇ ਵਿੱਚ ਜਗਦੇਵ ਸਿੰਘ ਜੱਗਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪਹਿਲਾਂ ਉਨ੍ਹਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਨਾਜ਼ੁਕ ਹੋਣ ਕਾਰਨ ਬਾਅਦ ਵਿੱਚ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਕਾਂਗਰਸੀ ਆਗੂਆਂ ਦਾ ਦਾਅਵਾ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਹੱਥ-ਪੈਰ ਤੱਕ ਤੋੜ ਦਿੱਤੇ।

ਘਟਨਾ ਤੋਂ ਬਾਅਦ ਰਾਏਕੋਟ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ ਹੈ। ਕਾਂਗਰਸ ਨੇ ਕਿਹਾ ਕਿ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਵਿਰੋਧੀਆਂ ਨੂੰ ਡਰਾਉਣ ਅਤੇ ਦਬਾਅ ਬਣਾਉਣ ਲਈ ਇਹ ਹਮਲਾ ਕਰਵਾਇਆ ਗਿਆ। ਪਾਰਟੀ ਨੇ ਇਸਨੂੰ ਲੋਕਤੰਤਰ ’ਤੇ ਹਮਲਾ ਕਰਾਰ ਦਿੰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਦੂਜੇ ਪਾਸੇ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ। ਬਰਨਾਲਾ ਦੇ ਐਸਡੀ ਕਾਲਜ ਸਥਿਤ ਪੋਲਿੰਗ ਬੂਥ ਨੰਬਰ-49 ’ਤੇ ਸੰਗਰੂਰ ਤੋਂ AAP ਸੰਸਦ ਮੈਂਬਰ Gurmeet Singh Meet Hayer ਨੇ ਆਪਣੀ ਪਤਨੀ ਡਾ. ਗੁਰਵੀਨ ਕੌਰ ਨਾਲ ਵੋਟ ਪਾਈ।

ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਵਿੱਚ ਪਹਿਲੀ ਵਾਰ ਨਗਰ ਨਿਗਮ ਚੋਣਾਂ ਹੋ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਇੱਥੇ ਆਪਣਾ ਪਹਿਲਾ ਮੇਅਰ ਬਣਾਏਗੀ। ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਮ ’ਤੇ ਧੋਖਾ ਦਿੱਤਾ ਗਿਆ ਹੈ।

ਪੰਜਾਬ ਦੇ ਸਥਾਨਕ ਨਿਗਮ ਚੋਣਾਂ ਦੌਰਾਨ ਜਿੱਥੇ ਕਈ ਥਾਵਾਂ ‘ਤੇ ਤਣਾਅ ਅਤੇ ਹਿੰਸਾ ਦੇ ਮਾਮਲੇ ਸਾਹਮਣੇ ਆਏ, ਉੱਥੇ ਹੀ ਜਲੰਧਰ ਦੇ ਫਿਲੌਰ ਵਿੱਚ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਸ਼ੁਰੂ ਹੋਈ। ਫਿਲੌਰ ਦੇ 15 ਵਾਰਡਾਂ ਵਿੱਚ ਵੋਟਿੰਗ ਜਾਰੀ ਹੈ ਅਤੇ ਡੀਐਸਪੀ ਭਰਤ ਮਸੀਹ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕੁਝ ਉਮੀਦਵਾਰ ਬੂਥਾਂ ਅੰਦਰ ਮੌਜੂਦ ਮਿਲੇ, ਜਿਨ੍ਹਾਂ ਨੂੰ ਤੁਰੰਤ ਬਾਹਰ ਜਾਣ ਦੇ ਨਿਰਦੇਸ਼ ਦਿੱਤੇ ਗਏ।

ਦੂਜੇ ਪਾਸੇ ਅੰਮ੍ਰਿਤਸਰ ਦੇ ਮਜੀਠਾ ਵਿੱਚ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਵੋਟਿੰਗ ਕੇਂਦਰਾਂ ‘ਤੇ ਵ੍ਹੀਲਚੇਅਰ ਵਰਗੀਆਂ ਬੁਨਿਆਦੀ ਸਹੂਲਤਾਂ ਨਾ ਹੋਣ ਕਾਰਨ ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਜਤਾਈ ਅਤੇ ਵਧੀਆ ਇੰਤਜ਼ਾਮਾਂ ਦੀ ਮੰਗ ਕੀਤੀ।

ਰਾਜ ਚੋਣ ਆਯੋਗ ਦੇ ਅੰਕੜਿਆਂ ਅਨੁਸਾਰ ਇਸ ਵਾਰ ਸਭ ਤੋਂ ਵੱਧ ਉਮੀਦਵਾਰ ਆਮ ਆਦਮੀ ਪਾਰਟੀ ਦੇ ਮੈਦਾਨ ਵਿੱਚ ਹਨ। AAP ਦੇ 1801, ਕਾਂਗਰਸ ਦੇ 1550, ਭਾਜਪਾ ਦੇ 1316, ਸ਼੍ਰੋਮਣੀ ਅਕਾਲੀ ਦਲ ਦੇ 1251 ਅਤੇ ਬਸਪਾ ਦੇ 96 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ 1528 ਆਜ਼ਾਦ ਅਤੇ 13 ਹੋਰ ਉਮੀਦਵਾਰ ਵੀ ਮੈਦਾਨ ਵਿੱਚ ਹਨ।

ਚੋਣ ਆਯੋਗ ਨੇ ਪੋਲਿੰਗ ਬੂਥਾਂ ਅੰਦਰ ਮੋਬਾਈਲ ਫੋਨ ਸਮੇਤ 9 ਚੀਜ਼ਾਂ ਲਿਜਾਣ ‘ਤੇ ਪਾਬੰਦੀ ਲਗਾਈ ਹੈ। ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਬੰਦ ਮੋਬਾਈਲ ਵੀ ਬੂਥ ਅੰਦਰ ਨਹੀਂ ਲਿਜਾਇਆ ਜਾ ਸਕੇਗਾ। ਇਸ ਤੋਂ ਇਲਾਵਾ ਪਾਣੀ ਦੀ ਬੋਤਲ, ਸਿਆਹੀ, ਚਾਕੂ, ਪੇਚਕਸ, ਹਥਿਆਰ, ਕੈਮਰਾ, ਮਾਚਿਸ ਅਤੇ ਲਾਈਟਰ ‘ਤੇ ਵੀ ਰੋਕ ਹੈ।

ਕੁੱਲ ਮਿਲਾ ਕੇ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਲੋਕਤੰਤਰ ਦਾ ਜੋਸ਼ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਕੁਝ ਥਾਵਾਂ ‘ਤੇ ਤਣਾਅ ਭਰਾ ਮਾਹੌਲ ਵੀ ਬਣਿਆ ਹੋਇਆ ਹੈ। ਹੁਣ ਸਭ ਦੀਆਂ ਨਜ਼ਰਾਂ ਵੋਟਿੰਗ ਪ੍ਰਤੀਸ਼ਤ ਅਤੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ।