
Skip to content

ਪੰਜਾਬ ‘ਚ ਮੌਨਸੂਨ ਪਿਆ ਮੱਠਾ, ਗਰਮੀ-ਨਮੀ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ; 8 ਜ਼ਿਲ੍ਹਿਆਂ ‘ਚ ਯੈਲੋ ਅਲਰਟ, 19 ਜੁਲਾਈ ਤੋਂ ਮੁੜ ਤੇਜ਼ ਹੋ ਸਕਦਾ ਹੈ ਮੀਂਹ
ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਵਿੱਚ ਮੌਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ, ਜਿਸ ਕਾਰਨ ਸੂਬੇ ਭਰ ਵਿੱਚ ਗਰਮੀ ਅਤੇ ਨਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਮੀਂਹ ਰੁਕਣ ਨਾਲ ਦਿਨ ਦੇ ਸਮੇਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਲਈ ਗਰਮ ਅਤੇ ਨਮੀ ਵਾਲੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਜਦਕਿ 16 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਬਣਿਆ ਰਹਿ ਸਕਦਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਗਾ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 2.1 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਨੇ ਦੱਸਿਆ ਕਿ ਮਾਨਸੂਨ ਦੀ ਸਰਗਰਮ ਰੇਖਾ ਇਸ ਸਮੇਂ ਉੱਤਰੀ ਭਾਰਤ ਤੋਂ ਬੰਗਾਲ ਦੀ ਖਾੜੀ ਤੱਕ ਫੈਲੀ ਹੋਈ ਹੈ, ਜਿਸ ਕਾਰਨ ਪੰਜਾਬ ਵਿੱਚ ਨਮੀ ਤਾਂ ਬਣੀ ਰਹੇਗੀ, ਪਰ ਮਾਨਸੂਨ ਨੂੰ ਮੁੜ ਸਰਗਰਮ ਕਰਨ ਵਾਲੇ ਮੁੱਖ ਕਾਰਕ ਫਿਲਹਾਲ ਮੌਜੂਦ ਨਹੀਂ ਹਨ। ਉਨ੍ਹਾਂ ਕਿਹਾ ਕਿ ਉੱਤਰੀ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਉੱਪਰ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜਦਕਿ 19 ਜੁਲਾਈ ਤੋਂ ਇੱਕ ਹੋਰ ਵੈਸਟਰਨ ਡਿਸਟਰਬੈਂਸ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ, ਜਿਸ ਨਾਲ ਪੰਜਾਬ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਇੱਕ ਵਾਰ ਫਿਰ ਤੇਜ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਕੁਝ ਖੇਤਰਾਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਚੇਤਾਵਨੀ ਵੀ ਦਿੱਤੀ ਹੈ। ਕੁਝ ਥਾਵਾਂ ‘ਤੇ ਹਵਾ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।
ਇਸੇ ਦੌਰਾਨ, BBMB ਦੇ ਤਾਜ਼ਾ ਅੰਕੜਿਆਂ ਮੁਤਾਬਕ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,582.13 ਫੁੱਟ ਦਰਜ ਕੀਤਾ ਗਿਆ ਹੈ, ਜੋ ਖ਼ਤਰੇ ਦੇ ਨਿਸ਼ਾਨ ਤੋਂ 97.87 ਫੁੱਟ ਹੇਠਾਂ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1,322.54 ਫੁੱਟ ਹੈ, ਜੋ ਖ਼ਤਰੇ ਦੇ ਨਿਸ਼ਾਨ ਤੋਂ 67.46 ਫੁੱਟ ਘੱਟ ਹੈ। ਭਾਖੜਾ ਡੈਮ ਵਿੱਚ 33,701 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ, ਜਦਕਿ 26,409 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਡੈਮ ਵਿੱਚ 14,841 ਕਿਊਸਿਕ ਪਾਣੀ ਆ ਰਿਹਾ ਹੈ ਅਤੇ 18,487 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਉੱਧਰ, ਗਰਮੀ ਅਤੇ ਨਮੀ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵਿੱਚ ਵੀ ਤੇਜ਼ੀ ਆਈ ਹੈ। ਇਸ ਵੇਲੇ ਸੂਬੇ ਦੀ ਬਿਜਲੀ ਮੰਗ 15,388 ਮੈਗਾਵਾਟ ਤੱਕ ਪਹੁੰਚ ਗਈ ਹੈ, ਜਦਕਿ ਸਥਾਨਕ ਉਤਪਾਦਨ 6,036 ਮੈਗਾਵਾਟ ਹੈ।

Related